ਚੰਡੀਗੜ੍ਹ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਨੇ ਲੰਘੇੇ ਦਿਨ ਤੱਕ ਰਾਜ ਦੀਆਂ ਮੰਡੀਆਂ ਵਿੱਚ ਲਗਭਗ 45 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬੰਗਾ ਮੰਡੀ ਵਿਖੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ। ਉਨ੍ਹਾਂ ਇਸ ਤੋਂ ਪਹਿਲਾਂ ਨਵਾਂਸ਼ਹਿਰ ਵਿਖੇ ਖਰੀਦ ਏਜੰਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਖਰੀਦ ਸੀਜ਼ਨ ਦੀ ਪ੍ਰਗਤੀ ਅਤੇ ਮੁਸ਼ਕਿਲਾਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ‘ਮੁੱਲ ਕਟੌਤੀ’ (ਵੈਲਿਯੂ ਕੱਟ) ਦੀ ਕਟੌਤੀ ਕੀਤੇ ਬਿਨਾਂ ਹੁਣ ਤੱਕ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 7300 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖੁਰਾਕ ਮੰਤਰੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਕਣਕ ਦੀ ਪੂਰੀ ਰਕਮ ਅਦਾ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।” ਉਨ੍ਹਾਂ ਕਿਹਾ ਕਿ ਕਟੌਤੀ ਦੇਸ਼ ਦੇ ਅੰਨਦਾਤੇ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਦੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਜੋ ਪਹਿਲਾਂ ਹੀ ਭਾਰੀ ਮੀਂਹ ਦੇ ਕਹਿਰ ਦੀ ਮਾਰ ਹੇਠ ਸੀ, ਫ਼ਸਲਾਂ ਦੇ ਨੁਕਸਾਨ ਬਾਅਦ ਇਸ ਕੱਟ ਨੂੰ ਸਹਿਣ ਦੀ ਸਥਿਤੀ ’ਚ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ’ਤੇ ਇਹ ਮੁੱਲ ਕਟੌਤੀ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਹੋਰ ਮੁਸ਼ਕਲ ਤੋਂ ਬਚਾਉਣ ਲਈ ਤੁਰੰਤ ਖਰੀਦ ਕਰਨ ਅਤੇ ਅਦਾਇਗੀ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਕੁਦਰਤੀ ਆਫਤਾਂ ਨਾਲ ਝੰਬੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਬੰਗਾ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਆਏ ਕਿਸਾਨ ਮੱਖਣ ਸਿੰਘ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ, ਉਨ੍ਹਾਂ ਨੂੰ ਮੰਡੀਆਂ ਵਿੱਚ ਆ ਰਹੀ ਮੁਸ਼ਕਲ ਬਾਰੇ ਪੁੱਛਿਆ, ਪਰ ਕਿਸਾਨਾਂ ਨੇ ਸਰਕਾਰ ਵੱਲੋਂ ਨਿਰਵਿਘਨ ਖਰੀਦ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਤੋਂ ਮਾਰਕੀਟ ਕਮੇਟੀਆਂ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਪਰ ਉਨ੍ਹਾਂ ਕੁਝ ਹੋਰ ਵਾਧੂ ਪਖਾਨਿਆਂ ਦੀ ਮੰਗ ਕਰਦਿਆਂ ਮੌਜੂਦਾ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੌਕੇ ’ਤੇ ਹੀ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਅਗਲੇ ਖਰੀਦ ਸੀਜ਼ਨ ਤੱਕ ਹੋਰ ਪਖਾਨਾ ਯੂਨਿਟਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਬੰਗਾ ਤੋਂ ਸੀਨੀਅਰ ਆਪ ਆਗੂ ਕੁਲਜੀਤ ਸਿੰਘ ਸਰਹਾਲ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ, ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਐਸ ਡੀ ਐਮ ਮੇਜਰ ਸ਼ਿਵਰਾਜ ਬੱਲ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਨੀਲੇ ਕਾਰਡਾਂ (ਆਟਾ ਦਾਲ ਸਕੀਮ) ਦੀ ਤਸਦੀਕ ਸਬੰਧੀ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਇਹ ਪ੍ਰਕਿਰਿਆ ਬਿਨਾਂ ਕਿਸੇ ਦਖਲ-ਅੰਦਾਜ਼ੀ ਦੇ ਚੱਲ ਰਹੀ ਹੈ ਅਤੇ ਇਹ ਯਕੀਨ ਦਿਵਾਇਆ ਕਿ ਯੋਜਨਾ ਦਾ ਲਾਭ ਕੇਵਲ ਜਾਇਜ਼ ਲਾਭਪਾਤਰੀਆਂ ਨੂੰ ਹੀ ਮਿਲੇਗਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.