ਚੰਡੀਗੜ੍ਹ: ਦੀਵਾਲੀ ਮੌਕੇ ਪੰਜਾਬ ਸਰਕਾਰ ਨੇ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਕੰਮ ਕਰਦੇ 3 ਹਜ਼ਾਰ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਪੰਜਾਬ ਸਰਕਾਰ ਠੇਕੇ ‘ਤੇ ਕੰਮ ਕਰਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਰਹੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੇਸ ਤਿਆਰ ਕਰਕੇ ਜਲਦੀ ਹੀ ਕੈਬਨਿਟ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇ। ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਲਈ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ ‘ਤੇ ਵੀ ਚਰਚਾ ਕੀਤੀ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਤੁਰੰਤ ਐਸਓਪੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਅਤੇ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਹੁਣ ਸੂਬੇ ਵਿੱਚ ਰਾਤ ਦੇ ਠਹਿਰਨ ਲਈ 50 ਰੁਪਏ ਦੀ ਬਜਾਏ 85 ਰੁਪਏ ਦਿੱਤੇ ਜਾਣਗੇ ਅਤੇ ਦੂਜੇ ਰਾਜਾਂ ਵਿੱਚ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਤ ਦੇ ਠਹਿਰਨ ਦਾ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।