ਮੋਗਾ: ਪੰਜਾਬ ਦੇ ਰਾਜਪਾਲ ਮਾਨਯੋਗ ਬਨਵਾਰੀ ਲਾਲ ਪਰੋਹਿਤ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਸਥਿਤ ਰੈਸਟ ਹਾਊਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਰਵੀ ਤੇਜਾ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਹੋਰ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਸਾਂਝੇ ਤੌਰ ਤੇ ਉਨ੍ਹਾਂ ਨੂੰ ਮੋਗਾ ਪੁੱਜਣ ਤੇ ਜੀ ਆਇਆਂ ਕਿਹਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਦੀ ਅਗਵਾਈ ਵਿੱਚ ਰਾਜਪਾਲ ਜੀ ਨੂੰ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਆਦਿ ਬਾਰੇ ਜਾਣਕਾਰੀ ਵੀ ਦਿੱਤੀ।
ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਰੀਵਿਊ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਲੋਕ ਪੱਖੀ ਸਹੂਲਤਾਂ ਨੂੰ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।