ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।