ਪੰਜਾਬ ਸਰਕਾਰ ਨੇ SC ਵਿਦਿਆਰਥੀਆਂ ਲਈ ਖੋਲ੍ਹਿਆ ਮਦਦ ਦਾ ਰਾਹ, ਜਾਣੋ ਕਿੰਨੇ ਬੱਚਿਆਂ ਨੂੰ ਮਿਲੇਗਾ ਲਾਭ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸਸੀ) ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸਹਾਰਾ ਦੇਣ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਤੀ ਮਦਦ ਜਾਰੀ ਕੀਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਜਾਰੀ ਕੀਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਐਸਸੀ ਪਰਿਵਾਰ ਦੇ ਬੱਚੇ ਦੀ ਪੜ੍ਹਾਈ ਵਿਚਕਾਰ ਨਾ ਛੁੱਟੇ।

2026-27 ਲਈ ₹40 ਕਰੋੜ ਦਾ ਬਜਟ ਪ੍ਰਸਤਾਵਿਤ

ਡਾ. ਬਲਜੀਤ ਕੌਰ ਮੁਤਾਬਕ ਅਗਲੇ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਸਕੀਮ ਦਾ ਲਾਭ ਦੇਣ ਵਾਸਤੇ ₹40 ਕਰੋੜ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਮਦਦ ਨਾਲ ਸਕੂਲ ਪੱਧਰ ’ਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਵਿੱਤੀ ਰੁਕਾਵਟਾਂ ਦੇ ਜਾਰੀ ਰੱਖਣ ਵਿੱਚ ਸਹਾਇਤਾ ਮਿਲੇਗੀ।

ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਲਾਭ

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਐਸਸੀ ਪਰਿਵਾਰਾਂ ਦੇ ਹਜ਼ਾਰਾਂ ਬੱਚੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜਿਕ ਬਦਲਾਅ ਦੀ ਮਜ਼ਬੂਤ ਨੀਂਹ ਹੈ ਅਤੇ ਹਰ ਬੱਚੇ ਨੂੰ ਬਰਾਬਰ ਮੌਕੇ ਦੇਣ ਵਿੱਚ ਇਸ ਦੀ ਅਹਿਮ ਭੂਮਿਕਾ ਹੈ।

ਸਿੱਧੇ ਖਾਤਿਆਂ ’ਚ ਪਹੁੰਚਾਉਣ ’ਤੇ ਜ਼ੋਰ

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਵਜ਼ੀਫ਼ਾ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ, ਯੋਗ ਪਰਿਵਾਰਾਂ ਤੱਕ ਇਸ ਦੀ ਜਾਣਕਾਰੀ ਪਹੁੰਚਾਉਣ ਅਤੇ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜਣ ’ਤੇ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਹੈ ਕਿ ਕਿਸੇ ਵੀ ਲੋੜਵੰਦ ਬੱਚੇ ਨੂੰ ਵਿੱਤੀ ਸਹਾਇਤਾ ਹਾਸਲ ਕਰਨ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਲੋਕਾਂ ਦੇ ਸਿੱਖਿਆ ਅਤੇ ਮਨੁੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਐਸਸੀ ਵਿਦਿਆਰਥੀਆਂ ਲਈ ਸਿੱਖਿਆ ਦੇ ਮੌਕੇ ਵਧਾਉਣਾ ‘ਰੰਗਲਾ ਪੰਜਾਬ’ ਬਣਾਉਣ ਵੱਲ ਅਹਿਮ ਕਦਮ ਹੈ।

Share This Article
Leave a Comment