ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਨਾਲ ਜੁੜੇ ਕਥਿਤ ਲੈਣ-ਦੇਣ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਯਾਨੀ CBI ਨੂੰ ਸੌਂਪਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਪਹਿਲਾਂ ਹੀ CBI ਦੇ ਸਿੱਧੇ ਦਖ਼ਲ ’ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ CBI ਜਾਂਚ ਦਾ ਵਿਰੋਧ ਕੀਤਾ ਜਾਵੇਗਾ।
ਹਾਈ ਕੋਰਟ ਨੇ CBI ਨੂੰ ਸੌਂਪੀ ਜਾਂਚ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਵਿੱਤੀ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਪਟੀਸ਼ਨਕਰਤਾ ਨਿਖਿਲ ਸਰਾਫ਼ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਸਾਹਮਣੇ ਆਇਆ।
ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ ਅਤੇ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕੁਝ ਵਿਅਕਤੀਆਂ ’ਤੇ ਵੀ ਸਵਾਲ ਚੁੱਕੇ ਗਏ ਸਨ। ਇਸ ਤੋਂ ਪਹਿਲਾਂ ED ਵੱਲੋਂ ਵੀ ਪੰਜਾਬ ਦੇ DGP ਨੂੰ ਤਿੰਨ ਪੱਤਰ ਭੇਜ ਕੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ।
ਦੋ ਮਹੀਨਿਆਂ ਵਿੱਚ ਜਾਂਚ ਰਿਪੋਰਟ ਦੇਣ ਦੇ ਹੁਕਮ
ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਜਾਂਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ। ਬੈਂਚ ਮੁਤਾਬਕ ਹੁਣ ਤੱਕ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸੰਤੁਸ਼ਟੀਜਨਕ ਨਹੀਂ ਰਹੀ।
ਅਦਾਲਤ ਨੇ CBI ਨੂੰ FIR ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਜਾਂਚ ਦੀ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਹੈ। ਹੁਣ ਪੰਜਾਬ ਸਰਕਾਰ ਇਸ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰਨ ਜਾ ਰਹੀ ਹੈ।

