ਸਰਕਾਰ ਪੰਜਾਬ ਦੇ ਮਿੰਨੀ ਗੋਆ ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ 3 ਫ਼ਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਇਸ ਮਿਲਣੀ ‘ਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ 3 ਫਰਵਰੀ ਨੂੰ ਹੋਣ ਜਾ ਰਹੀ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਇਸ ਐੱਨ.ਆਰ.ਆਈ. ਮਿਲਣੀ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਣੀ ਸਬੰਧੀ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐੱਨ.ਆਰ.ਆਈ. ਮਿਲਣੀ ਵਿੱਚ ਜਿੱਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ, ਓਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਧਾਲੀਵਾਲ ਨੇ ਸੂਬੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿੱਚ ਹਾਜ਼ਰ ਹੈ।

Share This Article
Leave a Comment