ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਤੋਂ ਸ਼ਰਾਬ ਦੀ ਵਿਕਰੀ ਸ਼ੁਰੂ ਹੋ ਸਕਦੀ ਹੈ। ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਚਲਦੇ ਲਾਗੂ ਲਾਕਡਾਉਨ ਕਾਰਨ ਸੂਬੇ ਵਿੱਚ ਸ਼ਰਾਬ ਦੀ ਵਿਕਰੀ ਬੰਦ ਸੀ। ਜਾਣਕਾਰੀ ਮੁਤਾਬਕ ਸ਼ਾਮ 6 ਵਜੇ ਤੱਕ ਸੂਬੇ ਵਿੱਚ ਹੋਮ ਡਿਲੀਵਰੀ ਕੀਤੀ ਜਾ ਸਕਦੀ ਹੈ। ਜ਼ਿਲ੍ਹਿਆਂ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ ਦੀ ਪ੍ਰਕਿਰਿਆ ਪ੍ਰਸ਼ਾਸਨ ਤੈਅ ਕਰੇਗਾ। ਇਸਦਾ ਫੈਸਲਾ ਜਲਦ ਹੋਣ ਵਾਲੀ ਕੈਬਿਨਟ ਮੀਟਿੰਗ ਵਿੱਚ ਲਿਆ ਜਾਵੇਗਾ।
ਸੂਤਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਕਰਫਿਊ ਵਿੱਚ ਢਿੱਲ ਦੌਰਾਨ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਜੋ ਦੁਕਾਨਾਂ ਖੋਲ੍ਹਣ ਦੀ ਆਗਿਆ ਹੈ ਉਸ ਵਿੱਚ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਖੋਲ੍ਹੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਸ਼ਾਮ 6 ਵਜੇ ਤੱਕ ਸ਼ਰਾਬ ਦੀ ਹੋਮ ਡਿਲੀਵਰੀ ਹੋ ਸਕਦੀ ਹੈ।
ਦਰਅਸਲ ਸ਼ਰਾਬ ਵਪਾਰੀਆਂ ਨੇ ਸਰਕਾਰ ਨੂੰ ਹੋਮ ਡਿਲੀਵਰੀ ਦੀ ਇਜਾਜ਼ਤ ਮੰਗੀ ਹੈ ਜਾਂ ਫਿਰ ਸਰਕਾਰ ਨੂੰ ਦਿੱਤੀ ਜਾਣ ਵਾਲੀ ਲਾਇਸੈਂਸ ਫੀਸ ‘ਚ ਕਟੌਤੀ ਦੀ ਮੰਗ ਕੀਤੀ ਹੈ। ਇਸ ਦੇ ਮੱਦੇਨਜਰ ਪੰਜਾਬ ਸਰਕਾਰ ਹੋਮ ਡਿਲੀਵਰੀ ਦੀ ਆਗਿਆ ਦੇ ਸਕਦੀ ਹੈ ਪਰ ਆਖਰੀ ਫੈਸਲਾ ਕੈਬਿਨਟ ਮੀਟਿੰਗ ਵਿੱਚ ਲਿਆ ਜਾਵੇਗਾ।
ਦੱਸ ਦਈਏ ਕਿ ਪੰਜਾਬ ਦੇ ਨਾਲ ਲੱਗਦੇ ਚੰਡੀਗੜ੍ਹ ਵਿਚ 4 ਮਈ ਤੋਂ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਗਏ ਹਨ। ਪਰ ਠੇਕੇ ਖੁੱਲ੍ਹਣ ਪਿੱਛੋਂ ਇਥੇ ਕਾਫੀ ਭੀੜ ਵੇਖੀ ਗਈ ਜਿਸ ਪਿੱਛੋਂ ਪੰਜਾਬ ਸਰਕਾਰ ਸ਼ਰਾਬ ਦੀ ਹੋਮ ਡਿਲੀਵਰੀ ਵਾਲਾ ਫਾਰਮੂਲਾ ਆਪਣਾ ਸਕਦੀ ਹੈ।