ਚੰਡੀਗੜ੍ਹ: ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਦੇ ਦੌਰੇ ‘ਤੇ ਆਏ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਹੀ ਮਿਹਨਤੀ ਹਨ ਅਤੇ ਉਨ੍ਹਾਂ ਦੀਆਂ ਅਣਥੱਕ ਮਿਹਨਤ ਸਦਕਾ ਹੀ ਪੰਜਾਬ ਨੂੰ “ਦੇਸ਼ ਦੇ ਅੰਨਦਾਤਾ” ਦਾ ਖ਼ਿਤਾਬ ਮਿਲਿਆ ਹੈ ਪਰ ਹੁਣ ਸੂਬੇ ਦੇ ਖੇਤੀਬਾੜੀ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਤਕਨਾਲੋਜੀ, ਖੋਜ ਅਤੇ ਉਦਯੋਗਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ CM ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਯਤਨ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਨਿਰਯਾਤ ਨੂੰ ਵਧਾਉਣ ਦੇ ਨਾਲ-ਨਾਲ ਇਨ੍ਹਾਂ ਦੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਵੀ ਠੋਸ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਨੇ ਮਾਰਕਫੈੱਡ ਦੇ ਅਧਿਕਾਰੀਆਂ ਨੂੰ ਛੇਤੀ ਖਰਾਬ ਹੋਣ ਵਾਲੇ ਫ਼ਲਾਂ ਅਤੇ ਸਬਜ਼ੀਆਂ ਦੀ ਸੰਭਾਲ ਅਤੇ ਬਰਾਮਦ ਕਰਨ ਵਾਲੀਆਂ ਯੂਨਿਟਾਂ ਦੀ ਸੂਚੀ ਜਾਰੀ ਕਰਨ ਲਈ ਵੀ ਕਿਹਾ ਹੈ। ਵਫ਼ਦ ਨੂੰ ਸੂਬੇ ਦੇ ਖੇਤੀ ਸੈਕਟਰ ਵਿੱਚ ਜਾਣਕਾਰੀ ਸਾਂਝੀ ਕਰਨ ਅਤੇ ਨਿਵੇਸ਼ ਲਈ ਸੱਦਾ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।