ਭਵਾਨੀਗੜ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੁਜ਼ਗਾਰ’ ਯੋਜਨਾ ਤਹਿਤ 31 ਮਾਰਚ 2021 ਤੱਕ ਵੱਖ-ਵੱਖ ਮਹਿਕਮਿਆਂ ’ਚ 1 ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ ਜਿਨਾਂ ’ਚੋਂ ਹੁਣ ਤੱਕ ਲਗਭਗ 50,000 ਆਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਵੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਸਿੰਗਲਾ ਅੱਜ ਸਥਾਨਕ ਗੁਰੂ ਤੇਗ ਬਹਾਦਰ ਕਾਲਜ ਵਿਖੇ ਲਗਾਏ ਗਏ ‘ਸਵੈ-ਰੁਜ਼ਗਾਰ ਲੋਨ ਮੇਲੇ’ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਇੱਥੇ ਪਹੁੰਚੇ ਸਨ। ਇਸ ਮੌਕੇ ਉਨਾਂ 47 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਕਰਜ਼ੇ ਦੇ ਮਨਜ਼ੂਰੀ ਪੱਤਰ ਵੀ ਵੰਡੇ।
ਇਸ ਮੌਕੇ ਬੋਲਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਕਾਰ ਬਣਾਉਣ ਤੋਂ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਦੇ ਹਰ ਇੱਕ ਮਹਿਕਮੇ ’ਚ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਉਣੀ ਯਕੀਨੀ ਬਣਾਈ ਗਈ ਹੈ ਅਤੇ ਭਵਿੱਖ ਵਿਚ ਵੀ ਇਸ ਨੁਕਤੇ ਨੂੰ ਕਿਸੇ ਵੀ ਪੱਖੋਂ ਅਣਗੌਲਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰ ਇੱਕ ਆਸਾਮੀ ’ਤੇ ਭਰਤੀ ਲਈ ਯੋਗਤਾ ਨੂੰ ਹੀ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਹਰ ਯੋਗ ਉਮੀਦਵਾਰ ਨਾਲ ਪੂਰਾ ਇਨਸਾਫ਼ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੈਰਾਂ ’ਤੇ ਖੜਾ ਕਰਨ ਲਈ ਰੋਜ਼ਗਾਰ ਮੇਲੇ ਲਗਵਾਉਣ ਦਾ ਬੀੜਾ ਚੁੱਕਿਆ ਗਿਆ ਹੈ ਜਿਨਾਂ ਵਿਚ ਸਰਕਾਰੀ ਨੌਕਰੀਆਂ ਤੋਂ ਇਲਾਵਾ ਪ੍ਰਾਈਵੇਟ ਆਸਾਮੀਆਂ ਅਤੇ ਸਵੈ-ਰੁਜ਼ਗਾਰ ਦੇ ਸਾਧਨ ਸ਼ੁਰੂ ਕਰਨ ਲਈ ਵੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੁਜ਼ਗਾਰ ਮੇਲੇ ਦਾ ਲਾਭ ਲੈਣ ਲਈ ਆਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯਕੀਨੀ ਤੌਰ ’ਤੇ ਪਹੁੰਚਾਉਣ ਲਈ ਹਰ ਵਿਅਕਤੀ ਦੀ ਅਰਜ਼ੀ ਦੀ ਨਿੱਜੀ ਤੌਰ ’ਤੇ ਪੜਤਾਲ ਕਰਵਾਈ ਜਾਵੇ ਅਤੇ ਅਗਲੇ ਲੋਨ ਮੇਲੇ ਤੋਂ ਪਹਿਲਾਂ-ਪਹਿਲਾਂ ਸਾਰੀਆਂ ਅਰਜ਼ੀਆਂ ਦਾ ਸਾਰਥਕ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਭਵਾਨੀਗੜ ਬਲਾਕ ’ਚ ਹਰ ਤਿਮਾਹੀ ਅਜਿਹੇ ਲੋਨ ਮੇਲੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕ ਇਸਦਾ ਵੱਧ ਤੋਂ ਵੱਧ ਲਾਹਾ ਲੈ ਸਕਣ।