ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

Global Team
2 Min Read

ਚੰਡੀਗੜ੍ਹ: ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ।

ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

Share This Article
Leave a Comment