ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨ ਅਤੇ ਖੇਤੀ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਉਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦੇਵੇਗੀ ਅਤੇ ਪੰਜਾਬ ਦੇ ਹਰ ਇੱਕ ਖੇਤ ਤੱਕ ਪਾਣੀ ਪਹੁੰਚਾਉਣ ਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਨਾਲ ਵਾਅਦਾ ਕੀਤਾ ਗਿਆ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮਾਨਸਾ ਵਿੱਚ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਅੱਜ ਮਾਨਸਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹੇ ਦੀਆਂ ਪੰਚਾਇਤਾਂ ਕਲੱਬਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਪੰਚਾਇਤਾਂ ਅਤੇ ਕਲੱਬਾਂ ਦੇ ਆਗੂਆਂ ਨੇ ਸਹੁੰ ਖਾਧੀ ਹੈ ਕਿ ਉਹ ਆਪਣੇ ਪਿੰਡ ਅਤੇ ਆਪਣੇ ਆਲੇ-ਦੁਆਲੇ ਨਸ਼ਾ ਨਹੀਂ ਰਹਿਣ ਦੇਣਗੇ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਜੋ ਸਰਕਾਰ ਵੱਲੋਂ ਮੁਹਿੰਮ ਚਲਾਈ ਗਈ ਹੈ ਉਸ ਮੁਹਿੰਮ ਦਾ ਪੂਰਾ ਸਮਰਥਨ ਕਰਨਗੇ।