ਅੰਮ੍ਰਿਤਸਰ : ਕੇਦਰ ਸਰਕਾਰ ਵਲੋ ਲਗਾਤਾਰ ਜੀ.ਐਸ.ਟੀ ਦੀਆਂ ਦਰਾਂ ‘ਚ ਵਾਧਾ ਕਰਕੇ ਆਮ ਲੋਕਾਂ ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ, ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਅਤੇ ਹੁਣ ਕੇਂਦਰ ਸਰਕਾਰ ਵਲੋ ਕਪੜੇ ਅਤੇ ਪੈਨਾਂ ਦੇ ਸਮਾਨ ਤੇ ਵੀ ਜੀ .ਐਸ. ਟੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ ਜੋ ਕਿ ਕਪੜੇ ‘ਤੇ 1 ਜਨਵਰੀ 2022 ਅਤੇ ਪੈਨਾਂ ਤੇ ਜੀ.ਐਸ.ਟੀ ਦਾ ਵਾਧਾ 1 ਅਕਤੂਬਰ 2021 ਤੋ ਲਾਗੂ ਹੋਵੇਗਾ, ਜਿਸ ਕਾਰਨ ਆਮ ਲੋਕਾਂ ਅਤੇ ਵਿਦਿਆਰਥੀਆਂ ਤੇ ਮਹਿੰਗਾਈ ਦਾ ਬੋਝ ਹੋਰ ਵੱਧ ਜਾਵੇਗਾ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ ਸੋਨੀ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਦੀ ਇਕਾਈਆਂ ਅਤੇ ਅੰਮ੍ਰਿਤਸਰ ਜਿਲੇ੍ਹ ਨਾਲ ਸਬੰਧਤ 40 ਟਰੇਡ ਅਤੇ ਉਦਯੋਗਿਕ ਐਸੋਸੀਏਸ਼ਨਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਸੋਨੀ ਨੇ ਕਿਹਾ ਕਿ ਉਦਯੋਗਪਤੀ ਅਤੇ ਵਪਾਰੀ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੰਨ੍ਹਾਂ ਦੇ ਉਦਮਾਂ ਸਦਕਾ ਹੀ ਦੇਸ਼ ਦਾ ਆਰਥਿਕ ਵਿਕਾਸ ਹੁੰਦਾ ਹੈ ਤੇ ਨੋਜਵਾਨਾਂ ਨੂੰ ਰੋਜ਼ਗਾਰ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਉਦਯੋਗਪਤੀ,ਵਪਾਰੀ ਖੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਦਾ ਕਿਸਾਨ ਅਤੇ ਆਮ ਵਰਗ ਖੁਸ਼ਹਾਲ ਬਣ ਸਕੇਗਾ। ਸੋਨੀ ਨੇ ਕਿਹਾ ਕਿ ਜੀ.ਐਸ.ਟੀ ਦੀਆਂ ਵਧ ਰਹੀਆਂ ਦਰਾਂ ਸਬੰਧੀ ਰਾਜ ਸਰਕਾਰ ਕੇਂਦਰ ਸਰਕਾਰ ਕੋਲ ਮੁੱਦਾ ਚੁੱਕੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰੋਨਾਂ ਮਹਾਂਮਾਰੀ ਕਾਰਨ ਆਮ ਲੋਕ ਪਰੇਸ਼ਾਨ ਹਨ ਅਤੇ ਹੁਣ ਫਿਰ ਕੇਂਦਰ ਸਰਕਾਰ ਜੀ.ਐਸ.ਟੀ ਦੀਆਂ ਦਰਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ।
ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਹਰੇਕ ਜ਼ਿਲੇ੍ਹ ਵਿਚ ਇਕੋ ਹੀ ਛੱਤ ਥੱਲੇ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉੁਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।