ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ ‘ਤੇ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇੱਕ ਈ-ਮੇਲ ਲਾਂਚ ਕੀਤੀ ਗਈ ਹੈ। ਇਸ ‘ਤੇ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਦੇ ਮਾਪੇ ਸਕੂਲ ਮੈਨੇਜਮੈਂਟ ਖਿਲਾਫ ਮਨਮਾਨੀ ਫੀਸ ਵਸੂਲੀ ‘ਤੇ ਸ਼ਿਕਾਇਤ ਦਰਜ ਕਰਾ ਸਕਣਗੇ। ਦਰਅਸਲ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਈਮੇਲ [email protected] ਜਾਰੀ ਕੀਤਾ ਹੈ, ਜਿਸ ‘ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਹਰ ਸ਼ਿਕਾਇਤ ‘ਤੇ ਨੋਟਿਸ ਲੈ ਕੇ ਆਗਾਮੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿਚ ਸਰਕਾਰ ਬਣਾਉਣ ਦੇ ਬਾਅਦ ਤੋਂ ਆਪ ਸਿੱਖਿਆ, ਰੋਜ਼ਗਾਰ ਤੇ ਸਿਹਤ ਦੇ ਖੇਤਰ ਵਿਚ ਸ਼ਲਾਘਾਯੋਗ ਬਦਲਾਅ ਕਰਨ ਦੇ ਦਾਅਵੇ ਕਰਦੀ ਰਹੀ ਹੈ।ਦੱਸ ਦੇਈਏ ਕਿ ਸਿੱਖਿਆ ਵਿਭਾਗ ਨੇ ਜ਼ਿਲ੍ਹਿਆਂ ਦੇ ਕਰੀਬ 800 ਸਕੂਲਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਪ੍ਰਬੰਧਕਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਨਵੇਂ ਸੈਸ਼ਨ ਦੌਰਾਨ ਜਮਾਤਾਂ ਅਨੁਸਾਰ ਲਈ ਜਾ ਰਹੀ ਫ਼ੀਸ ਦਾ ਵੇਰਵਾ ਪੋਰਟਲ ‘ਤੇ ਸਾਂਝਾ ਕੀਤਾ ਜਾਵੇ। ਇਸ ਤੋਂ ਇਲਾਵਾ ਸਕੂਲ ਆਪਣੀ ਅਧਿਕਾਰਿਤ ਈ-ਮੇਲ ਜ਼ਰੀਏ ਇਸ ਜਾਣਕਾਰੀ ਨੂੰ ਸਿੱਖਿਆ ਵਿਭਾਗ ਤੱਕ ਪਹੁੰਚਾਵੇ।