ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ 85 ਲੱਖ ਜਾਰੀ:ਡਾ.ਬਲਜੀਤ ਕੋਰ

Global Team
2 Min Read

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ ₹3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ₹84.26 ਲੱਖ ਦੀ ਹੋਰ ਰਕਮ ਜਾਰੀ ਕੀਤੀ ਗਈ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਇਹ ਸਹੂਲਤ ਨਿਰੰਤਰ ਮਿਲਦੀ ਰਹੇ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਜੀਵਨ ਨੂੰ ਸੁਖਾਲਾ, ਸੁਰੱਖਿਅਤ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਸਮਾਜਕ ਤੌਰ ’ਤੇ ਪਿੱਛੇ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਵਾਜਾਈ ਸਹੂਲਤਾਂ ਤੋਂ ਇਲਾਵਾ, ਦਿਵਿਆਂਗ ਵਿਅਕਤੀਆਂ ਦੀ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਸਸ਼ਕਤੀਕਰਨ ਲਈ ਵੀ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਮੁੱਖ ਧਾਰਾ ਨਾਲ ਜੁੜ ਸਕਣ।

Share This Article
Leave a Comment