ਪੰਜਾਬ ਦੇ ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।

ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜਸਟਿਸ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਸ਼ੀਲ ਨਾਗੂ ਦੀ ਨਿਯੁਕਤੀ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ 4 ਜੁਲਾਈ, 2024 ਨੂੰ ਰਸਮੀ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ।

ਜਸਟਿਸ ਸ਼ੀਲ ਨਾਗੂ ਦਾ ਜਨਮ 1 ਜਨਵਰੀ, 1965 ਨੂੰ ਹੋਇਆ ਸੀ। ਉਹ 5 ਅਕਤੂਬਰ, 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਅਤੇ ਉਨ੍ਹਾਂ ਨੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਪ੍ਰੈਕਟਿਸ ਕੀਤੀ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ।

ਜਸਟਿਸ ਸ਼ੀਲ ਨਾਗੂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਨਿਆਂ ਪ੍ਰਦਾਨ ਕਰਨ ਦਾ ਵਿਆਪਕ ਤਜ਼ਰਬਾ ਹੈ।

Share This Article
Leave a Comment