ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਦੇ ਪੁੱਤਰਾਂ ਨੂੰ ਵੱਡੀਆਂ ਨੌਕਰੀਆਂ ਦੇਣ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਜਿਹੜੀਆਂ ਗ਼ੈਰ ਨਿਯਮੀਆਂ ਕੈਪਟਨ ਸਰਕਾਰ ਨੇ ਕੀਤੀਆਂ ਹਨ ਉਸ ਦੇ ਆਧਾਰ ‘ਤੇ ਕੈਪਟਨ ਸਰਕਾਰ ਨੂੰ ਭੰਗ ਕੀਤਾ ਜਾਵੇ ।
ਚੰਡੀਗਡ਼੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਨੌਕਰੀਆਂ ਤਰਸ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ ਪਰ ਜਿਹੜੇ ਪਰਿਵਾਰ ਕਰੋੜਾਂਪਤੀ ਹਨ ਕਿ ਉਨ੍ਹਾਂ ‘ਤੇ ਤਰਸ ਕੀਤਾ ਜਾ ਸਕਦਾ ਹੈ। ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਸਪਸ਼ਟ ਹੈ ਕਿ ਜਿਸ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਾ ਰਹੇ ਤਾਂ ਉਸ ਦੇ ਕਿਸੇ ਬੱਚੇ ਨੂੰ ਜੋ ਯੋਗਤਾ ਪੂਰੀ ਕਰਦਾ ਹੋਵੇ ਨੌਕਰੀ ਦਿੱਤੀ ਜਾਵੇ। ਪਰ ਜਿਹੜੇ ਕਾਂਗਰਸੀਆਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਉਹ ਤਾਂ ਕਰੋੜਾਂਪਤੀ ਹਨ ਜਿਨ੍ਹਾਂ ਕੋਲ ਕਰੋੜਾਂ ਦੀਆਂ ਕੋਠੀਆਂ ਤੇ ਮਹਿੰਗੀਆਂ ਕਾਰਾਂ ਹਨ ।
ਮਜੀਠੀਆ ਅਤੇ ਡਾਕਟਰ ਚੀਮਾ ਨੇ ਕਿਹਾ ਕਿ ਇਹ ਮਾਮਲਾ ਵਿਧਾਇਕਾਂ ਦੀ ਖਰੀਦੋ ਫਰੋਖਤ ਦਾ ਬਣਦਾ ਹੈ। ਇਨ੍ਹਾਂ ਦਿਨਾਂ ਦੌਰਾਨ ਕਿਉਂਕਿ ਕੈਪਟਨ ਸਰਕਾਰ ਸੰਕਟ ਵਿੱਚ ਹੈ ਅਤੇ ਇਸ ਸੰਕਟ ਵਿੱਚੋਂ ਨਿਕਲਣ ਵਾਸਤੇ ਵਿਧਾਇਕਾਂ ਨੂੰ ਖੁਸ਼ ਕੀਤਾ ਜਾ ਰਿਹਾ ਹੈ ਜਦਕਿ ਬਹੁਤ ਸਾਰੇ ਉੱਚ ਯੋਗਤਾ ਪ੍ਰਾਪਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ।
ਬਿਕਰਮ ਸਿੰਘ ਮਜੀਠੀਆ ਨੇ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਵੀ ਨੌਕਰੀ ਦੇ ਸਕਦੇ ਹਨ।