ਅਮ੍ਰਿਤਸਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਦੇ ਪੰਜ ਜ਼ਿਲ੍ਹਿਆਂ ਦੀ ਹੜ੍ਹ ਸਥਿਤੀ ’ਤੇ ਇੱਕ ਵਿਸਤ੍ਰਿਤ ਰਿਪੋਰਟ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅਮ੍ਰਿਤਸਰ ’ਤੇ ਸੌਂਪੀ।
ਰਾਜਪਾਲ ਨੇ 1 ਤੋਂ 4 ਸਤੰਬਰ 2025 ਤੱਕ ਇਨ੍ਹਾਂ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਕੇਂਦਰੀ ਮੰਤਰੀ ਨੂੰ ਜ਼ਮੀਨੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਹੜ੍ਹ ਕਾਰਨ ਜਾਨੀ ਨੁਕਸਾਨ, ਸੰਪਤੀ, ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਵਿਆਪਕ ਨੁਕਸਾਨ ਦੀ ਜਾਣਕਾਰੀ ਦਿੱਤੀ। ਨਾਲ ਹੀ, ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ, NDRF ਅਤੇ ਹੋਰ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਦਾ ਵੇਰਵਾ ਵੀ ਸਾਂਝਾ ਕੀਤਾ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੌਰੇ ’ਤੇ ਹਨ, ਜਿੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਦਾ ਅੰਦਾਜ਼ਾ ਲਗਾਉਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਰਾਹਤ ਅਤੇ ਪੁਨਰਵਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।