ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਯੂਨਿਵਰਸਿਟੀਆਂ ਬੰਦ, ਵਾਹਗਾ ਬਾਰਡਰ ‘ਤੇ ਵੀ ਰੁਕਿਆ ਵਪਾਰ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਯੂਨਿਵਰਸਿਟੀਆਂ ਵਿੱਚ 31 ਮਾਰਚ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ ਅਟਾਰੀ- ਵਾਹਗਾ ਬਾਰਡਰ ਦੇ ਰਸਤੇ ਅਫਗਾਨਿਸਤਾਨ ਅਤੇ ਭਾਰਤ ਵਿੱਚ ਹੋਣ ਵਾਲਾ ਵਪਾਰ ਵੀ ਸ਼ਨੀਵਾਰ ਤੋਂ ਬੰਦ ਹੋ ਗਿਆ ਹੈ।

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਕੋਰੋਨੋਵਾਇਰਸ ( ਕੋਵਿਡ – 19 ) ਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ਵਿੱਚ ਬਦਲਾਅ ਨਹੀਂ ਹੋਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਚ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤਾ ਸੀ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਦੇ ਤਹਿਤ ਹਰ ਸਖਤ ਕਦਮ ਚੁੱਕੇ ਜਾਣ। ਸਿੱਖਿਆ ਮੰਤਰੀ ਸਿੰਗਲਾ ਨੇ ਦੱਸਿਆ ਕਿ ਇਸ ਵਾਇਰਸ ਨੂੰ ਸੂਬੇ ਵਿੱਚ ਫੈਲਣੋਂ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਦੇ ਉਪਾਅ ਕੀਤੇ ਜਾਣ।

ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਤੋਂ ਬਚਾਅ ਲਈ ਸਾਵਧਾਨੀ ਦੇ ਰੂਪ ਵਿੱਚ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਫ ਕੀਤਾ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਥੇ ਪ੍ਰੀਖਿਆਵਾਂ ਪਹਿਲਾਂ ਨਿਰਧਾਰਤ ਮੀਤੀਆਂ ਅਨੁਸਾਰ ਜਾਰੀ ਰਹੇਂਗੀ। ਉਨ੍ਹਾਂ ਨੇ ਕਿਹਾ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ ਆਦਿ ਕੋਰੋਨਾਵਾਇਰਸ ਦੇ ਆਮ ਲੱਛਣ ਹਨ।

Share this Article
Leave a comment