ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਟੀਮ ਤਾਇਨਾਤ

Global Team
2 Min Read

ਚੰਡੀਗੜ੍ਹ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ।

ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ‘ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

- Advertisement -

Share this Article
Leave a comment