ਚੰਡੀਗਡ਼੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ 22 ਸਕੂਲਾਂ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਿੰਗਲਾ ਨੇ ਕਿਹਾ ਕਿ ਕਿਸੇ ਵੀ ਸਕੂਲ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਸਕੂਲ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਅਤੇ ਜੇਕਰ ਸੀਬੀਐਸਈ ਜਾਂ ਕਿਸੇ ਹੋਰ ਬੋਰਡ ਦੇ ਨਾਲ ਸਬੰਧਤ ਹੋਵੇਗਾ ਤਾਂ ਉਸਦਾ ਐੱਨਓਸੀ ਪ੍ਰਮਾਣ ਪੱਤਰ ਰੱਦ ਕਰ ਦਿੱਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਮੀਡੀਆ ਜ਼ਰਿਏ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਸਕੂਲ ਕਰਫਿਊ ਦੌਰਾਨ ਦਾਖਲਾ ਫੀਸ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਉਨ੍ਹਾਂ ਦੇ ਨਿੱਜੀ ਈ-ਮੇਲ ਪਤੇ ‘ਤੇ ਭੇਜੀ ਜਾਵੇ। ਉਨ੍ਹਾਂ ਨੇ ਕਿਹਾ ਕਿ ਈਮੇਲ ‘ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਦਕਿ 6 ਸਕੂਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।