ਪਟਿਆਲਾ: ਪਟਿਆਲਾ ਵਿੱਚ ਭਾਰਤੀ ਫੌਜ ਦੇ ਕਰਨਲ ਦੀ ਕੁੱਟਮਾਰ ਮਾਮਲੇ ‘ਚ ਪੰਜਾਬ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਗ੍ਰਹਿ ਵਿਭਾਗ ਨੇ ਇਸ ਜਾਂਚ ਦੀ ਜ਼ਿੰਮੇਵਾਰੀ ਪਟਿਆਲਾ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਸੌਂਪੀ ਹੈ।
ਘਟਨਾ 13 ਮਾਰਚ 2025 ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਵਾਪਰੀ, ਜਿੱਥੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਸਦੇ ਪੁੱਤਰ ‘ਤੇ ਪੁਲਿਸ ਅਧਿਕਾਰੀਆਂ ਵੱਲੋਂ ਕੁੱਟਮਾਰ ਕੀਤੀ ਜਾਣ ਦਾ ਦੋਸ਼ ਲਗਾਇਆ ਗਿਆ। ਪਰਿਵਾਰ ਨੇ ਮੌਜੂਦਾ ਜਾਂਚ ‘ਤੇ ਅਸੰਤੁਸ਼ਟੀ ਜ਼ਾਹਰ ਕੀਤੀ, ਜਿਸ ਕਾਰਨ ਮਾਮਲੇ ਦੀ ਵਿਸ਼ਤ੍ਰਿਤ ਜਾਂਚ ਲਈ ਕਾਰਜਕਾਰੀ ਮੈਜਿਸਟ੍ਰੇਟ ਤੋਂ ਜਾਂਚ ਕਰਵਾਉਣ ਦਾ ਫੈਸਲਾ ਲਿਆ ਗਿਆ।
ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਅਤੇ IAS ਅਧਿਕਾਰੀ ਪਰਮਵੀਰ ਸਿੰਘ ਨੂੰ ਇਸ ਮਾਮਲੇ ਦੀ ਜਾਂਚ ਦੇ ਨੌਡਲ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਭਾਰਤੀ ਸਿਵਲ ਡਿਫੈਂਸ ਕੋਡ, 2023 ਦੀ ਧਾਰਾ 15 ਅਧੀਨ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਪਹਿਲਾਂ 12 ਪੁਲਿਸ ਮੁਲਾਜ਼ਮ ਹੋਏ ਸਸਪੈਂਡ
ਇਸ ਮਾਮਲੇ ਵਿੱਚ ਪਹਿਲਾਂ ਹੀ ਪਟਿਆਲਾ SSP ਨਾਨਕ ਸਿੰਘ ਵੱਲੋਂ 12 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ (ਸਸਪੈਂਡ) ਕੀਤਾ ਜਾ ਚੁੱਕਾ ਹੈ। ਇਨ੍ਹਾਂ ‘ਚ ASI, ਇੰਸਪੈਕਟਰ, ਹੈੱਡ ਕਾਂਸਟੇਬਲ ਤੇ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਵਿਰੁੱਧ ਵਿਭਾਗੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।
SSP ਨਾਨਕ ਸਿੰਘ ਨੇ ਕਿਹਾ ਸੀ ਕਿ ਪੀਪੀਆਰ ਤਹਿਤ ਵਿਭਾਗੀ ਜਾਂਚ 180 ਦਿਨਾਂ (6 ਮਹੀਨਿਆਂ) ਵਿੱਚ ਪੂਰੀ ਹੋਣੀ ਚਾਹੀਦੀ ਹੈ, ਪਰ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਇਸ ਜਾਂਚ ਨੂੰ 45 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ।