ਜਗਤਾਰ ਸਿੰਘ ਸਿੱਧੂ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਵੱਡੀ ਪੱਧਰ ਉਤੇ ਸਮਾਗਮ ਕਰ ਰਹੀ ਹੈ। ਸਮਾਗਮਾਂ ਦਾ ਮੁੱਖ ਕੇਂਦਰ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਗਮਾਂ ਦੀ ਤਿਆਰੀ ਲਈ ਪੂਰੀ ਦਿਲਚਸਪੀ ਨਾਲ ਲੱਗੇ ਹੋਏ ਹਨ। ਸਮਾਗਮਾਂ ਦੀ ਰੂਪ ਰੇਖਾ ਨੂੰ ਵਿਉਂਤਣ ਵਾਸਤੇ ਮੁੱਖ ਮੰਤਰੀ ਮਾਨ ਵੱਲੋਂ ਬਕਾਇਦਾ ਆਪਣੀ ਰਿਹਾਇਸ਼ ਤੇ ਉੱਚ ਪੱਧਰੀ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ ਹੈ। ਸਮਾਗਮ 19 ਨਵੰਬਰ ਤੋਂ 25 ਨਵੰਬਰ ਤੱਕ ਲੜੀਵਾਰ ਕਰਵਾਏ ਜਾਣਗੇ। ਇਸ ਵਿਉਂਤ ਅਨੁਸਾਰ ਹਰ ਜ਼ਿਲ੍ਹੇ ਵਿੱਚ ਸਮਾਗਮ ਹੋਵੇਗਾ। ਚਾਰ ਯਾਤਰਾਵਾਂ ਵੱਖ ਵੱਖ-ਵੱਖ ਥਾਵਾਂ ਤੋਂ ਜਾਣਗੀਆਂ। ਕੀਰਤਨ ਦਰਬਾਰ ਹੋਵੇਗਾ। ਗੁਰੂ ਸਾਹਿਬ ਨੂੰ ਸਮਰਪਿਤ ਸੈਮੀਨਾਰ ਅਤੇ ਵਿਚਾਰ ਗੋਸ਼ਟੀਆਂ ਹੋਣਗੀਆਂ। ਮੁੱਖ ਸਮਾਗਮ ਵਾਲੇ ਦਿਨ ਵੱਡਾ ਇਕਠ ਹੋਵੇਗਾ। ਯਾਤਰਾਵਾਂ ਦੀ ਸਮਾਪਤੀ ਵੀ ਅਨੰਦਪੁਰ ਸਾਹਿਬ ਹੋਵੇਗੀ ।ਸਾਰੇ ਜਿਲਿਆਂ ਅੰਦਰ ਗੁਰੂ ਸਾਹਿਬ ਦੀ ਸਿੱਖਿਆ ਅਤੇ ਕੁਰਬਾਨੀ ਬਾਰੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਅਤੇ ਕਵੀ ਦਰਬਾਰ ਹੋਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਉੱਤੇ ਸਮਾਗਮਾਂ ਬਾਰੇ ਕੀਤੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮਨਾਉਣੇ ਕਿਸੇ ਦਾ ਕਾਪੀ ਰਾਈਟ ਨਹੀਂ ਅਤੇ ਸਰਕਾਰ ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਕੁਰਬਾਨੀ ਦਾ ਸੁਨੇਹਾ ਦੇਣ ਲਈ ਹੀ ਸਮਰਪਿਤ ਸਮਾਗਮ ਕਰਵਾ ਰਹੀ ਹੈ। ਇਹ ਵੀ ਅਹਿਮ ਹੈ ਕਿ ਅਜਿਹੇ ਇਤਿਹਾਸਕ ਦਿਹਾੜਿਆਂ ਨੂੰ ਮਨਾਉਣਾ ਕਿਸੇ ਵੀ ਸਰਕਾਰ ਲਈ ਯਾਦਗਾਰੀ ਮੌਕਾ ਹੁੰਦਾ ਹੈ। ਇਸ ਤੋਂ ਪਹਿਲਾਂ ਮਰਹੂਮ ਮੁੱਖ ਮੰਤਰੀ ਗਿਆਨੀ ਜੈਲ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਕਰਵਾਏ ਸਨ।ਇਸ ਲਈ ਮੁੱਖ ਮੰਤਰੀ ਮਾਨ ਦੇ ਜਿੰਦਗੀ ਦੇ ਸ਼ਤਾਬਦੀ ਸਮਾਗਮ ਗੁਰੂ ਸਾਹਿਬਾਨ ਨੂੰ ਸਮਰਪਿਤ ਇਕ ਵੱਡੀ ਸੇਵਾ ਦਾ ਮੌਕਾ ਹੈ।
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਗਏ ਅਤੇ ਉਨਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨਾਲ ਵੀ ਅਹਿਮ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ। ਬੇਸ਼ਕ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਬਾਰੇ ਮੁੱਖ ਮੰਤਰੀ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਵਿਚਕਾਰ ਕੋਈ ਵਿਸਥਾਰ ਨਾਲ ਤਾਂ ਗਲ਼ਬਾਤ ਨਹੀਂ ਹੋਈ ਪਰ ਇਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਨ ਬਾਰੇ ਸਹਿਮਤੀ ਹੋ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਅਤੇ ਪ੍ਰਧਾਨ ਧਾਮੀ ਵੱਲੋਂ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਆ ਰਹੀਆਂ ਧਮਕੀਆਂ ਬਾਰੇ ਵੀ ਗੱਲ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਬਾਰੇ ਅਹਿਮ ਜਾਣਕਾਰੀ ਮਿਲਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਾਂਝੀ ਕਰੇਗੀ। ਸਰਕਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
ਸੰਪਰਕ 9814002186