ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਵਰਕਰਜ਼ ਵੈਲਫੇਅਰ ਬੋਰਡ ਦੀ ‘ਸ਼ਗਨ ਸਕੀਮ’ ਵਿੱਚ ਤਹਿਸੀਲਦਾਰ ਦੁਆਰਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਲੋੜ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਧਾਰਮਿਕ ਸੰਸਥਾ, ਜਿਥੇ ਵਿਆਹ ਹੋਇਆ ਹੋਵੇ ਦੀ ਤਸਵੀਰ ਅਤੇ ਦੋਵਾਂ ਪਰਿਵਾਰਾਂ ਵੱਲੋਂ ਦਿੱਤਾ ਸਵੈ-ਘੋਸ਼ਣਾ ਪੱਤਰ ਕਾਫ਼ੀ ਹੋਵੇਗਾ।
ਸੌਂਦ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਹੁਣ ਸਿਰਫ਼ ਬੱਚੇ ਦਾ ਜਨਮ ਸਰਟੀਫਿਕੇਟ ਜਮ੍ਹਾਂ ਕਰਵਾਉਣ ‘ਤੇ ਮਹਿਲਾ ਉਸਾਰੀ ਕਿਰਤੀਆਂ ਲਈ 21,000 ਰੁਪਏ ਅਤੇ ਪੁਰਸ਼ਾਂ ਲਈ 5,000 ਰੁਪਏ ਦੇ ਜਣੇਪਾ ਲਾਭ ਪ੍ਰਦਾਨ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਬੱਚੇ ਦਾ ਆਧਾਰ ਕਾਰਡ ਜਮ੍ਹਾਂ ਕਰਵਾਉਣਾ ਪੈਂਦਾ ਸੀ ਪਰ ਹੁਣ ਇਹ ਪੁਰਾਣੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।