ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋਵੇਗਾ ਪੰਜਾਬ ਵਿਧਾਨ ਸਭਾ ਸੈਸ਼ਨ, ਹੋ ਸਕਦੇ ਹਨ ਇਹ ਵੱਡੇ ਐਲਾਨ

Global Team
3 Min Read

ਚੰਡੀਗੜ੍ਹ : ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਸੈਸ਼ਨ ਅੱਜ (24 ਨਵੰਬਰ) ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ। ਦੱਸ ਦਈਏ ਕਿ ਇਹ ਸੈਸ਼ਨ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਇਸ ਸੈਸ਼ਨ ਦੌਰਾਨ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਇੱਕ ਵਿਸ਼ੇਸ਼ ਮਤਾ ਪੇਸ਼ ਕੀਤਾ ਜਾਵੇਗਾ। ਇਸ ਸੈਸ਼ਨ ਵਿੱਚ ਕੋਈ ਪ੍ਰਸ਼ਨ ਕਾਲ ਜਾਂ ਜ਼ੀਰੋ ਆਵਰ ਨਹੀਂ ਹੋਵੇਗਾ।

ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਸੈਸ਼ਨ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਜਾਂ ਰੂਪਨਗਰ ਦਾ ਨਾਮ ਬਦਲਣ ਸੰਬੰਧੀ ਐਲਾਨ ਕੀਤੇ ਜਾ ਸਕਦੇ ਹਨ। ਪਰ ਇਸ ਮਾਮਲੇ ‘ਤੇ ਮੌਕੇ ‘ਤੇ ਹੀ ਫੈਸਲਾ ਲਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਹੈ ਕਿ ਵੱਡੇ ਐਲਾਨ ਕੀਤੇ ਜਾਣਗੇ।

ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਇਸ ਮਤੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਮਤੇ ਵਿੱਚ ਕਿਹਾ ਗਿਆ ਹੈ ਕਿ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਦੀ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਦੇ ਹੋਏ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਧਰਮ ਦੀ ਆਜ਼ਾਦੀ ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ ਅਤੇ ਹਿੰਮਤ, ਦਇਆ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਦੀ ਹੈ। ਪੰਜਾਬ ਦੇ ਲੋਕ, ਭਾਵੇਂ ਧਰਮ ਕੋਈ ਵੀ ਹੋਵੇ, ਗੁਰੂ ਜੀ ਦੀ ਮਹਾਨ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ‘ਤੇ ਮਾਣ ਕਰਦੇ ਹਨ। ਇਸ ਸੰਦਰਭ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਉਨ੍ਹਾਂ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਬੀਤੀ ਰਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ‘ਲਾਈਟ ਐਂਡ ਸਾਊਂਡ ਸ਼ੋਅ’ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਸ੍ਰੀ ਅਨੰਦਪੁਰ ਸਾਹਿਬ ਵਰਗੀ ਪਵਿੱਤਰ ਧਰਤੀ ’ਤੇ ਅਜਿਹੇ ਪ੍ਰੋਗਰਾਮ ਨਾ ਸਿਰਫ਼ ਇਤਿਹਾਸ ਨੂੰ ਜੀਵੰਤ ਰੱਖਦੇ ਹਨ, ਬਲਕਿ ਨੌਜਵਾਨਾਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਮੁੜ ਜੋੜਨ ਵਿੱਚ ਵੀ ਅਹਿਮ ਰੋਲ ਅਦਾ ਕਰਦੇ ਹਨ। ਗੁਰੂ ਸਾਹਿਬ ਜੀ ਦੇ ਜੀਵਨ, ਫ਼ਲਸਫ਼ੇ ਅਤੇ ਤਿਆਗਮਈ ਸਿੱਖਿਆਵਾਂ ਨੂੰ ਨਵੇਂ ਯੁੱਗ ਦੇ ਢੰਗ ਨਾਲ ਹਰ ਉਮਰ ਦੇ ਲੋਕਾਂ ਤੱਕ ਪਹੁੰਚਾਉਣਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ।

Share This Article
Leave a Comment