ਪੰਜਾਬ ਸਰਕਾਰ ਦਾ ਨਵਾਂ ਹੁਕਮ: ਹੁਣ ਸਵੇਰੇ 7 ਵਜੇ ਸੜਕਾਂ ‘ਤੇ ਨਜ਼ਰ ਆਉਣਗੇ ਨਿਗਮ ਅਧਿਕਾਰੀ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਨੇ ਨਵਾਂ ਨਿਯਮ ਲਾਗੂ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਹਰ ਰੋਜ਼ ਸਵੇਰੇ ਦਫ਼ਤਰਾਂ ਤੋਂ ਬਾਹਰ ਨਿਕਲ ਕੇ ਮੌਕੇ ‘ਤੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕਰਨੀ ਹੋਵੇਗੀ।

ਇਸ ਲਈ ਸਵੇਰੇ 7 ਵਜੇ ਤੋਂ 8 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਹ ਨਵੀਂ ਵਿਵਸਥਾ ਅੱਜ ਤੋਂ ਲਾਗੂ ਹੋ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵੇਰੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਨਿਗਮ ਕਮਿਸ਼ਨਰਾਂ ਅਤੇ ਨਗਰ ਕੌਂਸਲਾਂ ਦੇ ਐਗਜ਼ਿਕਿਊਟਿਵ ਅਫ਼ਸਰਾਂ ਦੀ ਹਾਜ਼ਰੀ ਦੀ ਜਾਂਚ ਵੀ ਕੀਤੀ।

ਮੰਤਰੀ ਨੇ ਵੀਡੀਓ ਕਾਲ ਰਾਹੀਂ ਲਈ ਜ਼ਮੀਨੀ ਹਾਲਾਤਾਂ ਦੀ ਜਾਣਕਾਰੀ

ਮੁਹਿੰਮ ਦੀ ਅਸਲ ਸਥਿਤੀ ਜਾਣਨ ਲਈ ਮੰਤਰੀ ਨੇ ਕਈ ਅਧਿਕਾਰੀਆਂ ਨੂੰ ਆਪਣੀ ਲਾਈਵ ਲੋਕੇਸ਼ਨ ਦਿਖਾਉਣ ਲਈ ਕਿਹਾ। ਇਸ ਦੌਰਾਨ ਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਡਾ. ਨੀਰੂ ਕਾਤਿਆਲ ਗੁਪਤਾ ਬੱਸ ਅੱਡੇ ਨੇੜੇ ਸਫ਼ਾਈ ਪ੍ਰਬੰਧਾਂ ਦੀ ਜਾਂਚ ਕਰਦੀ ਨਜ਼ਰ ਆਈ।

ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਲੁਧਿਆਣਾ ਦੇ ਚਾਰਾਂ ਜੋਨਾਂ ਦੇ ਜੋਨਲ ਕਮਿਸ਼ਨਰ ਵੀ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਹਨ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਮੰਤਰੀ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਸਬੰਧੀ ਪਹਿਲਾਂ ਹੀ ਸਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਹਰ ਰੋਜ਼ ਸਵੇਰੇ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਦੀ ਫੀਲਡ ਹਾਜ਼ਰੀ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਹ ਖੁਦ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈਣਗੇ।

ਲੁਧਿਆਣਾ ਵਿੱਚ ਸਫ਼ਾਈ ਅਤੇ ਮਾਨਸੂਨ ਤਿਆਰੀਆਂ ‘ਤੇ ਖ਼ਾਸ ਧਿਆਨ

ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲੁਧਿਆਣਾ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 10-10 ਕਿਲੋਮੀਟਰ ਦੇ ਹਿੱਸਿਆਂ ਵਿੱਚ ਵੰਡਿਆ ਹੈ। ਹਰ ਹਿੱਸੇ ਲਈ ਇੱਕ ਨੋਡਲ ਅਧਿਕਾਰੀ ਨੂੰ ਸਫ਼ਾਈ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਧਿਕਾਰੀਆਂ ਨੂੰ ਆਪਣੇ ਖੇਤਰਾਂ ਵਿੱਚ ਸੜਕਾਂ ਕਿਨਾਰੇ ਪਿਆ ਮਲਬਾ ਹਟਾਉਣ, ਸੀਵਰ ਜਾਮ ਹੋਣ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਸੜਕਾਂ ਤੇ ਖਾਲੀ ਪਲਾਟਾਂ ਤੋਂ ਕੂੜਾ-ਕਰਕਟ ਸਾਫ਼ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੂਰੀ ਵਿਵਸਥਾ ਦੀ ਨਿਗਰਾਨੀ ਲਈ ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ ਨੂੰ ਓਵਰਆਲ ਇੰਚਾਰਜ ਬਣਾਇਆ ਗਿਆ ਹੈ, ਜਦਕਿ ਜੋਨਲ ਕਮਿਸ਼ਨਰਾਂ ਨੂੰ ਆਪਣੇ-ਆਪਣੇ ਖੇਤਰਾਂ ‘ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

ਸਫ਼ਾਈ ਮੁਹਿੰਮ ਦੇ ਨਾਲ ਨਗਰ ਨਿਗਮ ਵੱਲੋਂ ਮਾਨਸੂਨ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਡਾ. ਨੀਰੂ ਕਾਤਿਆਲ ਗੁਪਤਾ ਮੁਤਾਬਕ, ਬਰਸਾਤ ਦੌਰਾਨ ਜਲ ਭਰਾਅ ਜਾਂ ਸੀਵਰੇਜ ਸਮੱਸਿਆਵਾਂ ਤੋਂ ਬਚਣ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਜਾ ਰਹੇ ਹਨ। ਖ਼ਾਸ ਤੌਰ ‘ਤੇ ਨੀਵੇਂ ਇਲਾਕਿਆਂ ਅਤੇ ਬੁੱਢਾ ਦਰਿਆ ਦੇ ਆਲੇ-ਦੁਆਲੇ ਦੇ ਖੇਤਰਾਂ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਤੋਂ ਪਹਿਲਾਂ ਸਾਰੀਆਂ ਡਰੇਨੇਜ ਅਤੇ ਸੀਵਰ ਲਾਈਨਾਂ ਦੀ ਸਫ਼ਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Share This Article
Leave a Comment