ਕੋਟਕਪੂਰਾ ਦੇ ਕਾਂਵੜੀਆਂ ਦੀ ਮੌਤ ਦੇ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, 12 ਘੰਟਿਆਂ ’ਚ ਮੁਲਜ਼ਮ ਗ੍ਰਿਫ਼ਤਾਰ

Global Team
3 Min Read

ਕੋਟਕਪੂਰਾ: ਗੰਗੋਤਰੀ ਤੋਂ ਪਵਿੱਤਰ ਜਲ ਲੈ ਕੇ ਕੋਟਕਪੂਰਾ ਵਾਪਸ ਆ ਰਹੇ ਕਾਂਵੜੀਆਂ ਨਾਲ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ 12 ਘੰਟਿਆਂ ਦੇ ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਹਾਦਸੇ ਵਿੱਚ ਵਰਤੀ ਗਈ ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ।

ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਇਹ ਹਾਦਸਾ ਸ਼ਨੀਵਾਰ ਦੇਰ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀਟੀ ਰੋਡ ’ਤੇ ਦਾਦਾ ਮੋਟਰ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਛੇ ਕਾਂਵੜੀਆਂ ਦਾ ਜਥਾ ਕੋਟਕਪੂਰਾ ਵੱਲ ਜਾ ਰਿਹਾ ਸੀ। ਉਨ੍ਹਾਂ ਤੋਂ ਅੱਗੇ ਪੈਦਲ ਜਾ ਰਹੇ ਚਾਰ ਕਾਂਵੜੀਆਂ ਨੂੰ ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਮਹਿੰਦਰਪਾਲ, ਦੀਪਕ ਅਤੇ ਜਗਦੀਸ਼ ਮਿੱਤਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤਿੰਨੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਸਨ। ਇਸ ਹਾਦਸੇ ਵਿੱਚ ਮੁਕੇਸ਼ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਦਾ ਖੰਨਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

12 ਘੰਟਿਆਂ ਵਿੱਚ ਮੁਲਜ਼ਮ ਗ੍ਰਿਫ਼ਤਾਰ

ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਡੀਐੱਸਪੀ ਕੁਲਬੀਰ ਸਿੰਘ ਸੰਧੂ ਅਤੇ ਐੱਸਐੱਚਓ ਸਰਹਿੰਦ ਰਾਜਵੰਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ। ਟੀਮਾਂ ਨੇ ਲੁਧਿਆਣਾ ਦੇ ਪੱਖੋਵਾਲ ਰੋਡ ਵਾਸੀ ਤ੍ਰਿਲੋਚਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਹਾਦਸੇ ਦੌਰਾਨ ਵਰਤੀ ਗਈ ਕਾਰ ਵੀ ਜ਼ਬਤ ਕਰ ਲਈ ਗਈ ਹੈ। ਪੁਲਿਸ ਵੱਲੋਂ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮ੍ਰਿਤਕ ਕਾਂਵੜੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਵੀ ਲਈ। ਸਪੀਕਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜ਼ਖ਼ਮੀ ਵਿਅਕਤੀ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਣ ਦੀ ਗੱਲ ਕਹੀ।

ਸਖ਼ਤ ਕਾਰਵਾਈ ਦੀ ਮੰਗ

ਮ੍ਰਿਤਕਾਂ ਦੇ ਸਾਥੀ ਜਗਸੀਰ ਸਿੰਘ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਸਾਥੀ ਕਾਂਵੜੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲੇ। ਪੁਲਿਸ ਨੇ ਵੀ ਟ੍ਰੈਫਿਕ ਨਿਯਮਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

Share This Article
Leave a Comment