ਪੰਜਾਬ ਪੁਲਿਸ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਵਚਨਬੱਧ

Rajneet Kaur
2 Min Read

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼  ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ  ਲਈ ਵੀ ਕਿਹਾ ਗਿਆ ਹੈ। ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

- Advertisement -

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ।

Share this Article
Leave a comment