ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ ਇਹਤਿਆਤ ਵਜੋਂ ਕਾਬੂ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਨ੍ਹਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ‘ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਇਹਤਿਆਤ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
- Advertisement -
ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ’ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।