ਚੰਡੀਗੜ੍ਹ, 24 ਮਾਰਚ: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਸਾਰੇ ਦੋ ਸਾਲ ਤੋਂ ਵੱਧ ਸਮੇਂ ਤੋਂ ਇੱਕ ਹੀ ਥਾਣੇ ਵਿੱਚ ਤਾਇਨਾਤ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਅੱਜ ਹੀ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੀ ਸਰਕਾਰ ਹਰ ਕੀਮਤ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ। ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਫੈਸਲਾ ਲਿਆ ਹੈ। ਇਸ ਤੋਂ ਬਾਅਦ ਇਸ ਦਿਸ਼ਾ ‘ਚ ਕਾਰਵਾਈ ਕੀਤੀ ਗਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਪਾਰਟੀ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੋਈ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਜਿੱਥੇ ਵੀ ‘ਆਪ’ ਦੀ ਸਰਕਾਰ ਬਣੇਗੀ, ਉਥੋਂ ਭ੍ਰਿਸ਼ਟਾਚਾਰ ਦਾ ਖਾਤਮਾ ਹੋਵੇਗਾ। ਚੀਮਾ ਨੇ ਕਿਹਾ ਕਿ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਥਾਣਿਆਂ ਵਿੱਚ ਐਸਐਚਓ, ਐਸਐਸਪੀ ਅਤੇ ਡੀਐਸਪੀ ਸਟਾਫ਼ ਬਦਲਦਾ ਰਹਿੰਦਾ ਹੈ ਪਰ ਮੁਨਸ਼ੀ ਸਾਲਾਂ ਬੱਧੀ ਉਸੇ ਥਾਣੇ ਵਿੱਚ ਨੌਕਰੀ ਕਰਦੇ ਰਹਿੰਦੇ ਹਨ, ਅਜਿਹੇ ‘ਚ ਜੇਕਰ ਉਹ ਦੋ ਸਾਲ ਤੋਂ ਵੱਧ ਸਮੇਂ ਤੱਕ ਰਹਿੰਦੇ ਹਨ ਤਾਂ ਭ੍ਰਿਸ਼ਟਾਚਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ ਫੈਸਲਾ ਕੀਤਾ ਸੀ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਥਾਣੇ ਵਿੱਚ ਤਾਇਨਾਤ ਮੁਨਸ਼ੀ ਨੂੰ ਬਦਲਿਆ ਜਾਵੇਗਾ। ਜਿਸ ਤੋਂ ਬਾਅਦ ਹੁਣ ਇਹ ਤਬਾਦਲਾ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।