ਪੰਜਾਬ ਪੁਲਿਸ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿਰੁੱਧ ਵੱਡੀ ਕਾਰਵਾਈ; ਪੰਜ ਮੁਲਜ਼ਮ ਗ੍ਰਿਫ਼ਤਾਰ

Global Team
3 Min Read

ਬਠਿੰਡਾ : ਮੰਗਲਵਾਰ ਸਵੇਰੇ ਇੱਕ ਵੱਡੀ ਕਾਰਵਾਈ ਵਿੱਚ ਬਠਿੰਡਾ ਪੁਲਿਸ ਨੇ ਲੁੱਟਾਂ – ਖੋਹਾਂ ਵਿੱਚ ਸ਼ਾਮਲ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਅਪਰਾਧੀ ਜ਼ਖਮੀ ਹੋ ਗਿਆ ਅਤੇ ਉਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੰਸਪੈਕਟਰ ਪਰਵਿੰਦਰ ਸਿੰਘ ਆਪਣੀ ਪੁਲਿਸ ਟੀਮ ਨਾਲ ਫਾਇਰ ਬ੍ਰਿਗੇਡ ਚੌਕ ਨੇੜੇ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਨੌਜਵਾਨਾਂ ਨੇ ਇੱਕ ਸੰਗਠਿਤ ਗਿਰੋਹ ਬਣਾਇਆ ਹੈ ਅਤੇ ਸਵੇਰੇ ਰੇਲਵੇ ਸਟੇਸ਼ਨ ‘ਤੇ ਆਉਣ ਵਾਲੇ ਯਾਤਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਹ ਵਿਅਕਤੀ ਸਟੇਸ਼ਨ ਤੋਂ ਸੰਤਪੁਰਾ ਰੋਡ ਅਤੇ ਗੋਲ ਡਿੱਗੀ ਵੱਲ ਪੈਦਲ ਜਾਣ ਵਾਲੇ ਯਾਤਰੀਆਂ ਨੂੰ ਡਰਾਉਂਦੇ ਸਨ ਅਤੇ ਉਨ੍ਹਾਂ ਤੋਂ ਨਕਦੀ ਅਤੇ ਕੀਮਤੀ ਸਮਾਨ ਖੋਹਦੇ ਸਨ।

ਪੁਲਿਸ ਨੂੰ ਇਤਲਾਹ ਮਿਲੀ ਕਿ ਰੇਲਵੇ ਸਟੇਸ਼ਨ ਰੋਡ ਨੇੜੇ ਪਰਲ ਕੰਪਨੀ ਦੀ ਖਾਲੀ ਪਈ ਇਮਾਰਤ ਵਿੱਚ ਕੁਝ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ। ਉਨ੍ਹਾਂ ਨੇ ਲੁੱਟੇ ਗਏ ਪੈਸੇ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਖਰੀਦਣ ਲਈ ਵਰਤਿਆ। ਪੁਲਿਸ ਨੇ ਸੂਚਨਾ ਨੂੰ ਗੰਭੀਰਤਾ ਨਾਲ ਲਿਆ ਤੇ ਤੁਰੰਤ ਮੌਕੇ ‘ਤੇ ਛਾਪੇਮਾਰੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਛਾਪੇਮਾਰੀ ਦੌਰਾਨ ਦੋਸ਼ੀ ਨੀਰਜ ਸ਼ਰਮਾ ਉਰਫ਼ ਕਾਲੂ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾਈ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਨੀਰਜ ਸ਼ਰਮਾ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸਿਵਲ ਹਸਪਤਾਲ ਲਿਜਾਇਆ ਗਿਆ। ਕੁੱਲ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਥਾਣਾ ਕੋਤਵਾਲੀ ਬਠਿੰਡਾ ਵਿੱਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਪੁਲਿਸ ਨੇ ਮੁਲਜ਼ਮਾਂ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 310(2) ਅਤੇ 111, ਅਸਲਾ ਐਕਟ ਦੀਆਂ ਧਾਰਾਵਾਂ 27/54/59 ਅਤੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਨੇ ਸ਼ਹਿਰ ਵਿੱਚ ਕੰਮ ਕਰ ਰਹੇ ਡਕੈਤੀ ਗਿਰੋਹਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Share This Article
Leave a Comment