ਚੰਡੀਗੜ੍ਹ: ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਦੌਰਾਨ 62 ਦੇ ਲਗਭਗ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਖੜ੍ਹੇ ਹੋਏ ਸਨ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸੀ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਹੈ। ਇਨ੍ਹਾਂ ਵਿਧਾਇਕਾਂ ਅਤੇ ਮੰਤਰੀਆਂ ਨੇ ਚਿੱਠੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਧੂ ਦੇ ਨਾਲ ਆਉਣ ਅਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਤੌਰ ‘ਤੇ ਸਵੀਕਾਰ ਕਰਨ।
ਮਿਲੀ ਜਾਣਕਾਰੀ ਮੁਤਾਬਕ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਹੱਠ ਛੱਡਣ ਦੀ ਅਪੀਲ ਵੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਥਿਤੀ ਦੀ ਅਗਵਾਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਕੀਤੀ ਗਈ ਹੈ।
ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਅੰਮ੍ਰਿਤਸਰ ਵਿਖੇ ਇੱਕ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਵਿਧਾਇਕਾਂ ਅਤੇ ਮੰਤਰੀਆਂ ਦਾ ਸਮਰਥਨ ਪ੍ਰਾਪਤ ਕੀਤਾ। 62 ਦੇ ਕਰੀਬ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਨਿੱਤਰੇ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸਿੱਧੂ ਦੀ ਰਿਹਾਇਸ਼ ਵਿਖੇ ਪਹੁੰਚੇ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਸੀ।