ਚੰਡੀਗੜ੍ਹ : ਪੰਜਾਬ ‘ਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਕਿਸਾਨਾਂ ਵੱਲੋਂ ਅੱਜ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 19 ਜ਼ਿਲ੍ਹਿਆਂ ਦੇ 26 ਥਾਵਾਂ ‘ਤੇ ਰੇਲਵੇ ਪਟੜੀਆਂ ‘ਤੇ ਧਰਨੇ ਦੇਣਗੇ। ਕਿਸਾਨਾਂ ਦਾ ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 1 ਤੋਂ 3 ਵਜੇ ਤੱਕ ਚੱਲੇਗਾ।
ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਪ੍ਰਧਾਨ ਸਰਵਣ ਪੰਧੇਰ ਦਾ ਕਹਿਣਾ ਹੈ ਕਿ, “ਸਾਡੀਆਂ ਤਿੰਨ ਮੁੱਖ ਮੰਗਾਂ ਹਨ। ਇਨ੍ਹਾਂ ਵਿੱਚ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨਾ, ਪੰਜਾਬ ਵਿੱਚ ਲਗਾਏ ਜਾ ਰਹੇ ਪ੍ਰੀਪੇਡ ਬਿਜਲੀ ਮੀਟਰਾਂ ਨੂੰ ਹਟਾਉਣਾ ਅਤੇ ਪੰਜਾਬ ਸਰਕਾਰ ਨੂੰ ਸਰਕਾਰੀ ਜ਼ਮੀਨ ਵੇਚਣ ਤੋਂ ਰੋਕਣਾ ਸ਼ਾਮਲ ਹੈ।” ਪੰਧੇਰ ਨੇ ਕਿਹਾ ਕਿ “ਇਹ ਅੰਦੋਲਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਹੈ। ਇਸਦਾ ਉਦੇਸ਼ ਸਰਕਾਰਾਂ ਨੂੰ ਇਨ੍ਹਾਂ ਮੁੱਦਿਆਂ ‘ਤੇ ਜਨਤਾ ਦੀ ਆਵਾਜ਼ ਸੁਣਨ ਲਈ ਮਜਬੂਰ ਕਰਨਾ ਹੈ।”
ਇਸ ਵਿਚਾਲੇ ਹੀ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ, ਮੱਖਣ ਸਿੰਘ ਅਤੇ ਸੁਖਦੇਵ ਮਗਲੀ ਵਰਗੇ ਕਿਸਾਨ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਸੰਗਰੂਰ ਵਿੱਚ ਵੀ ਰੇਲ ਰੋਕੋ ਅੰਦੋਲਨ ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਆਗੂਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਲੌਂਗੋਵਾਲ ਵੀ ਸ਼ਾਮਲ ਹਨ। ਇਸ ਕਾਰਵਾਈ ਤੋਂ ਬਾਅਦ ਯੂਨੀਅਨ ਵਿੱਚ ਰੋਸ ਹੈ। ਯੂਨੀਅਨ ਆਗੂ ਜਸਵੀਰ ਸਿੰਘ ਨੇ ਕਿਹਾ ਕਿ ਇਸ ਧੱਕੇਸ਼ਾਹੀ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਰੇਲਵੇ ਪਟੜੀਆਂ ‘ਤੇ ਪਹੁੰਚਣ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

