ਪੰਜਾਬ ਸਰਕਾਰ ਨੇ ਨਵੀਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕੀਤਾ ਰੱਦ

Global Team
4 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਇਸ ਬਾਰੇ ਵਿਚਾਰ ਚਰਚਾ ਕਰਨ ਮਗਰੋਂ ਲਿਖਤੀ ਪੱਤਰ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਮੰਤਰੀ ਕੇਂਦਰੀ ਖਰੜੇ ਨੂੰ ਰੱਦ ਕਰਨ ਦੀ ਗੱਲ ਪਹਿਲਾਂ ਹੀ ਆਖ ਚੁੱਕੇ ਸਨ।  ਕੇਂਦਰ ਨੇ ਸੂਬਾ ਸਰਕਾਰ ਨੂੰ 10 ਜਨਵਰੀ ਤੱਕ ਕੇਂਦਰੀ ਖੇਤੀ ਮੰਡੀ ਨੀਤੀ ’ਤੇ ਸੁਝਾਅ ਅਤੇ ਟਿੱਪਣੀਆਂ ਭੇਜਣ ਦੀ ਮੋਹਲਤ ਦਿੱਤੀ ਸੀ। ਸੂਬਾ ਸਰਕਾਰ ਨੇ ਕੇਂਦਰ ਵੱਲੋਂ ਜਾਰੀ ਖਰੜੇ ਨੂੰ ਪੂਰਨ ਰੂਪ ਵਿਚ ਰੱਦ ਕਰਦਿਆਂ ਕੇਂਦਰੀ ਡਰਾਫ਼ਟ ਕਮੇਟੀ ਦੇ ਕਨਵੀਨਰ ਐੱਸਕੇ ਸਿੰਘ ਨੂੰ ਪੱਤਰ ਭੇਜ ਦਿੱਤਾ ਹੈ। ਪੰਜਾਬ ਸਰਕਾਰ ਨੇ ਪੱਤਰ ’ਚ ਸਾਫ਼ ਲਿਖਿਆ ਹੈ ਕਿ ਕੇਂਦਰੀ ਖਰੜਾ 2021 ’ਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ।

ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਭੇਜੇ ਪੱਤਰ ਵਿਚ ਪਹਿਲੇ ਨੁਕਤੇ ਵਿਚ ਕਿਹਾ ਕਿ ਇਸ ਨੀਤੀ ਵਿਚ ਕਿਸੇ ਵੀ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਕਿਸਾਨ ਪਿਛਲੇ ਇੱਕ ਸਾਲ ਤੋਂ ਇਸ ਮੰਗ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਵੀ ਕਿਸਾਨ ਸੰਘਰਸ਼ ਕਰ ਰਹੇ ਹਨ। ਚਿੱਠੀ ਵਿਚ ਲਿਖਿਆ ਹੈ ਕਿ ਸਰਕਾਰ ਨੇ ਇਸ ਨੀਤੀ ਸਬੰਧੀ ਸਾਰੇ ਹਿੱਸੇਦਾਰਾਂ (ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ) ਨਾਲ ਮੀਟਿੰਗਾਂ ਕੀਤੀਆਂ ਹਨ ਅਤੇ ਉਹਨਾਂ ਨੇ ਸੁਝਾਅ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਸਭ ਤੋਂ ਮਹੱਤਵਪੂਰਨ ਮੁੱਦਾ ਹੈ।

ਸੂਬਾ ਸਰਕਾਰ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਡਰਾਫਟ ਨੀਤੀ ਵਿਚ ਮੰਡੀਆਂ ਵਿਚ ਆਉਣ ਵਾਲੀਆਂ ਫਸਲਾਂ ‘ਤੇ 2 ਫੀਸਦ ਕਮਿਸ਼ਨ ਦੇਣ ਦਾ ਜ਼ਿਕਰ ਕੀਤਾ ਗਿਆ ਹੈ ਜੋ ਕਿ ਬਹੁਤ ਘੱਟ ਹੈ। ਇਸ ਵੇਲੇ ਮੰਡੀਆਂ ਵਿਚ ਖਰਚਿਆਂ ਦਾ ਲਗਭਗ 8.5 ਪ੍ਰਤੀਸ਼ਤ ਆਰਡੀਐਫ, ਮੰਡੀ ਫੀਸ ਅਤੇ ਕਮਿਸ਼ਨ ਏਜੰਟਾਂ ਦੇ ਕਮਿਸ਼ਨ ਦੇ ਰੂਪ ਵਿੱਚ ਦਿੱਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਆਪਣੀਆਂ 1900 ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਦੇਖਭਾਲ ’ਤੇ ਖਰਚ ਕਰਦੀ ਹੈ। ਇਸ ਤੋਂ ਇਲਾਵਾ, ਆਰਡੀਐਫ ਦੀ ਰਕਮ ਸੜਕਾਂ ‘ਤੇ ਖਰਚੇ ਗਏ 70 ਹਜ਼ਾਰ ਕਿਲੋਮੀਟਰ ਲਿੰਕ ਦੇ ਰੱਖ-ਰਖਾਅ ’ਤੇ ਵੀ ਖਰਚ ਕੀਤੀ ਜਾਂਦੀ ਹੈ। ਜੇਕਰ ਇਸ ਫੰਡ ਨੂੰ ਰੋਕ ਦਿੱਤਾ ਗਿਆ ਤਾਂ ਪੰਜਾਬ ਖਾਸ ਕਰਕੇ ਪਿੰਡਾਂ ਵਿਚ ਬਣਿਆ ਬੁਨਿਆਦੀ ਢਾਂਚੇ ਨੂੰ ਤਬਾਹ ਹੋਣ ਤੋਂ ਕੋਈ ਨਹੀਂ ਰੋਕ ਸਕੇਗਾ। ਇਸ ਨੁਕਤੇ ’ਤੇ, ਇਹ ਵੀ ਕਿਹਾ ਗਿਆ ਸੀ ਕਿ ਰਾਜਾਂ ਨੂੰ ਆਪਣੇ ਬਾਜ਼ਾਰਾਂ ਵਿੱਚ ਟੈਕਸ ਲਗਾਉਣ ਦਾ ਅਧਿਕਾਰ ਹੈ, ਇਸ ਲਈ ਸੁਝਾਈ ਗਈ ਨੀਤੀ ਕੇਂਦਰ ਅਤੇ ਰਾਜਾਂ ਵਿਚਕਾਰ ਸਬੰਧਾਂ ਲਈ ਅਨੁਕੂਲ ਨਹੀਂ ਹੈ।ਕੇਂਦਰੀ ਖੇਤੀ ਮੰਤਰਾਲੇ ਨੇ 25 ਨਵੰਬਰ ਨੂੰ ਇਸ ਨੀਤੀ ਦਾ ਖਰੜਾ ਜਾਰੀ ਕਰਕੇ ਸੂਬਾ ਸਰਕਾਰਾਂ ਤੋਂ 15 ਦਸੰਬਰ ਤੱਕ ਟਿੱਪਣੀਆਂ ਤੇ ਸੁਝਾਅ ਮੰਗੇ ਸਨ ਪ੍ਰੰਤੂ ਪੰਜਾਬ ਸਰਕਾਰ ਨੇ ਕੇਂਦਰ ਤੋਂ 10 ਜਨਵਰੀ ਤੱਕ ਦਾ ਸਮਾਂ ਲਿਆ ਸੀ।

ਪੰਜਾਬ ਸਰਕਾਰ ਦੇ ਇਤਰਾਜ਼

* ਪ੍ਰਾਈਵੇਟ ਮੰਡੀਆਂ ਦੀ ਸਥਾਪਨਾ

* ਖੇਤੀ ’ਚ ਠੇਕਾ ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ

* ਸਾਇਲੋਜ਼ ਨੂੰ ਓਪਨ ਮਾਰਕੀਟ ਯਾਰਡ ਘੋਸ਼ਿਤ ਕਰਨਾ

* ਮੰਡੀ ਫ਼ੀਸਾਂ ਨੂੰ ਸੱਟ ਮਾਰਨਾ

* ਆੜ੍ਹਤੀਆਂ ਨੂੰ ਦਿੱਤੇ ਜਾਂਦੇ ਕਮਿਸ਼ਨ ’ਤੇ ਕੱਟ

* ਬਰਾਮਦਕਾਰਾਂ ਤੇ ਥੋਕ ਖ਼ਰੀਦਦਾਰਾਂ ਨੂੰ ਖੇਤਾਂ ’ਚੋਂ ਸਿੱਧੀ ਖ਼ਰੀਦ ਨੂੰ ਹੱਲਾਸ਼ੇਰੀ

ਖੇਤੀ ਮੰਡੀਕਰਨ ’ਚ ਸੁਧਾਰ ਲਈ ਲਿਆਂਦੀ ਹੈ ਨਵੀਂ ਨੀਤੀ: ਕੇਂਦਰ

ਕੇਂਦਰੀ ਖੇਤੀ ਮੰਤਰਾਲੇ ਵੱਲੋਂ ਖਰੜੇ ’ਚ ਤਰਕ ਦਿੱਤਾ ਗਿਆ ਸੀ ਕਿ ਨਵੀਂ ਨੀਤੀ ਦਾ ਮਕਸਦ ਖੇਤੀਬਾੜੀ ਮਾਰਕੀਟਿੰਗ ਦੀਆਂ ਚੁਣੌਤੀਆਂ ਨਾਲ ਨਜਿੱਠਣਾ ਅਤੇ ਖੇਤੀਬਾੜੀ ਮੰਡੀਕਰਨ ’ਚ ਸੁਧਾਰ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਖੇਤੀ ਵਪਾਰ ਨੂੰ ਸਰਲ ਬਣਾਉਣ ਲਈ ਡਿਜੀਟਲੀਕਰਨ ਅਤੇ ਖੇਤੀ ਬਾਜ਼ਾਰ ਵਿਚ ਸੁਧਾਰ ਕਰਨ ਦੀ ਦਲੀਲ ਵੀ ਪੇਸ਼ ਕੀਤੀ ਹੈ।

 

 

Share This Article
Leave a Comment