ਚੰਡੀਗੜ੍ਹ : ਸੂਬੇ ਦੇ ਪੀਆਰਟੀਸੀ ਪਨਬੱਸ ਅਤੇ ਰੋਡਵੇਜ਼ ਦੇ ਕਾਮਿਆਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸੂਬੇ ਭਰ ਦੇ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਸੂਬੇ ਭਰ ਵਿੱਚ ਸਾਰੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਨਾਲ ਰੋਜ਼ਾਨਾ ਸਰਕਾਰ ਨੂੰ 6 ਤੋਂ 7 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਵੇਗਾ।
ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ 11 ਹਜ਼ਾਰ ਦੇ ਲਗਭਗ ਪੰਜਾਬ ਰੋਡਵੇਜ਼ ,ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਦੋ ਘੰਟੇ ਲਈ ਬੱਸ ਅੱਡੇ ਬੰਦ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਦੇ ਜੋ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਾਅਵੇ ਕੀਤੇ ਜਾ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਤੇ ਝੂਠੇ ਹਨ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾਂ ਮੰਨੀਆਂ ਤਾਂ 7 ਦਸੰਬਰ ਤੋਂ ਪੰਜਾਬ ਭਰ ਦੇ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।