ਭਗਵੰਤ ਮਾਨ ਵੱਲੋਂ ਭਾਰੀ ਮੀਂਹ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਸਾਰੇ ਸਕੂਲਾਂ ਵਿੱਚ ਭਾਰੀ ਮੀਂਹ ਨੂੰ ਵੇਖਦਿਆਂ 27 ਅਗਸਤ ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਜਿਨ੍ਹਾਂ ਵਿੱਚ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ, 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।”

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਸਰ ਹੁਣ ਪੰਜਾਬ ‘ਤੇ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਸੂਬੇ ਦੇ 7 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਰਾਵੀ, ਸਤਲੁਜ ਅਤੇ ਬਿਆਸ ਨਦੀਆਂ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ।

ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਜਲੰਧਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ ਦੇ ਨਾਲ-ਨਾਲ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲ ਪਹਿਲਾਂ ਹੀ ਅੱਜ ਬੰਦ ਕਰ ਦਿੱਤੇ ਗਏ ਸਨ। ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਹਰੀਕੇ ਹੈਡਵਰਕਸ ਤੋਂ ਛੱਡੇ ਗਏ ਪਾਣੀ ਕਾਰਨ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਬਿਆਸ ਨਦੀ ‘ਤੇ ਬਣੇ ਚੱਕੀ ਰੇਲਵੇ ਪੁਲ ਦੇ ਹੇਠਾਂ ਮਿੱਟੀ ਧਸਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਹੋ ਗਿਆ ਹੈ, ਜਿਸ ਨਾਲ 90 ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਕੁਝ ਰੇਲਗੱਡੀਆਂ ਨੂੰ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਰਾਹੀਂ ਰਵਾਨਾ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment