ਫਰੀਦਕੋਟ: ਸਾਲ 2015 ਦੇ ਬੇਅਦਬੀ ਅਤੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੱਕ ਵਾਰ ਫਿਰ ਮੈਦਾਨੀ ਪੱਧਰ ‘ਤੇ ਜਾਂਚ ਤੇਜ਼ ਕਰ ਦਿੱਤੀ ਹੈ। ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦਾ ਦੌਰਾ ਕੀਤਾ, ਜਿੱਥੋਂ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਚੋਰੀ ਹੋਇਆ ਸੀ।
ਬਰਗਾੜੀ ਅਤੇ ਬਹਿਬਲ ਕਲਾਂ ਵੀ ਪਹੁੰਚੀ SIT
ਬੁਰਜ ਜਵਾਹਰ ਸਿੰਘ ਵਾਲਾ ਦਾ ਮੁਆਇਨਾ ਕਰਨ ਤੋਂ ਬਾਅਦ ਐਸਆਈਟੀ ਦਾ ਅਗਲਾ ਪੜਾਅ ਬਰਗਾੜੀ ਸੀ। ਇੱਥੇ 12 ਅਕਤੂਬਰ 2015 ਨੂੰ ਪਿੰਡ ਦੀਆਂ ਗਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਮਿਲੇ ਸਨ। ਇਸ ਤੋਂ ਬਾਅਦ ਟੀਮ ਬਹਿਬਲ ਕਲਾਂ ਪਹੁੰਚੀ, ਜਿੱਥੇ 14 ਅਕਤੂਬਰ 2015 ਨੂੰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਗੋਲੀ ਚਲਾਈ ਗਈ ਸੀ, ਜਿਸ ਵਿੱਚ ਦੋ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ।
ਘਟਨਾ ਦਾ ਸੀਨ ਕੀਤਾ ਜਾ ਰਿਹਾ ਰੀਕ੍ਰੀਏਟ
ਐਸਆਈਟੀ ਵੱਲੋਂ ਬਹਿਬਲ ਕਲਾਂ ਵਿੱਚ ਘਟਨਾ ਦੇ ਸੀਨ ਨੂੰ ਰੀਕ੍ਰੀਏਟ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਘਟਨਾ ਨਾਲ ਜੁੜੇ ਤੱਥਾਂ ਅਤੇ ਸਬੂਤਾਂ ਦੀ ਮੁੜ ਪੜਤਾਲ ਕਰਨਾ ਹੈ, ਤਾਂ ਜੋ ਜਾਂਚ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਸਮੇਤ ਕੁੱਲ ਨੌਂ ਵਿਅਕਤੀਆਂ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਾ ਹੈ।
ਦਹਾਕੇ ਪੁਰਾਣੇ ਮਾਮਲੇ ਦੀ ਜਾਂਚ ਅਜੇ ਵੀ ਜਾਰੀ
ਬੁਰਜ ਜਵਾਹਰ ਸਿੰਘ ਵਾਲਾ ਤੋਂ ਸਰੂਪ ਦੀ ਚੋਰੀ, ਬਰਗਾੜੀ ਵਿੱਚ ਬੇਅਦਬੀ ਅਤੇ ਉਸ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਹੋਏ ਪੁਲੀਸ ਗੋਲੀਕਾਂਡ ਨੇ ਪੰਜਾਬ ਵਿੱਚ ਲੰਬੇ ਸਮੇਂ ਤੱਕ ਰੋਸ ਪ੍ਰਦਰਸ਼ਨਾਂ ਅਤੇ ਸਿਆਸੀ ਹਲਚਲ ਨੂੰ ਜਨਮ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਸਰਕਾਰਾਂ ‘ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਦਬਾਅ ਬਣਿਆ ਰਿਹਾ ਹੈ। ਹੁਣ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੇ ਜਾ ਰਹੇ ਮੌਕਾ ਮੁਆਇਨੇ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਸਬੂਤ ਇਕੱਠੇ ਕਰਕੇ ਦਹਾਕੇ ਪੁਰਾਣੇ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

