ਗੰਨੇ ਦੇ ਭਾਅ ‘ਚ ਵਾਧੇ ਨੂੰ ਲੈ ਕੇ ਕਿਸਾਨਾਂ ਵੱਲੋਂ ਦੂਜੇ ਦਿਨ ਵੀ ਧਰਨਾ ਜਾਰੀ, ਪੁਲਿਸ ਵਲੋਂ ਰੂਟ ਡਾਇਵਰਟ

TeamGlobalPunjab
2 Min Read

ਜਲੰਧਰ : ਜਲੰਧਰ: ਗੰਨੇ ਦੀਆਂ ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਰਾਮਾ ਮੰਡੀ ਤੋਂ ਲੁਧਿਆਣਾ ਵਾਲੇ ਪਾਸੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਨੂੰ ਬੰਦ ਕੀਤਾ ਹੋਇਆ ਹੈ। ਉਧਰ ਧਨੋਵਾਲੀ ਫਾਟਕ ਉੱਤੇ ਵੀ ਰੇਲਵੇ ਟਰੈਕ ਜਾਮ ਕੀਤਾ ਹੋਇਆ ਹੈ।

ਕਿਸਾਨਾਂ ਦੇ ਜਾਮ ਕਾਰਨ 23 ਟਰੇਨਾਂ ਪ੍ਰਭਾਵਿਤ ਹੋਈਆਂ ਹਨ ਜਦਕਿ 12 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗੰਨਾ ਕਮਿਸ਼ਨਰ ਅੱਜ ਜਲੰਧਰ ਪਹੁੰਚ ਰਹੇ ਹਨ। ਗੰਨਾ ਸੰਘਰਸ਼ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਗੰਨੇ ਦੀਆਂ ਕੀਮਤਾਂ ਨਹੀਂ ਵਧਾਈਆਂ ਜਾਦੀਆਂ, ਉਹ ਧਰਨਾ ਨਹੀਂ ਚੁੱਕਣਗੇ।

- Advertisement -

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਨੈਸ਼ਨਲ ਹਾਈਵੇ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਅਤੇ ਯੂਨੀਅਨ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਧਰਨਾ ਰਾਸ਼ਟਰੀ ਮਾਰਗ ਤੋਂ ਚੁੱਕਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਡੇ ਜਨਤਕ ਹਿੱਤਾਂ ਵਿੱਚ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਗੰਨੇ ਦੇ ਫ਼ਸਲ ਦੀ ਸਟੇਟ ਅਪਰੂਵਡ ਪ੍ਰਾਈਜ਼ (ਐਸ.ਏ.ਪੀ.) ਨੂੰ 310 ਤੋਂ ਵਧਾ ਕੇ 325 ਕਰ ਦਿੱਤਾ ਗਿਆ ਹੈ, ਹਾਲਾਂਕਿ, ਕਿਸਾਨਾਂ ਨੇ ਐਸ.ਏ.ਪੀ. ਵਿੱਚ ਹੋਰ ਵਾਧੇ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਦੇ ਉੱਚ ਅਧਿਕਾਰੀਆਂ ਪਾਸ ਉਠਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਉੱਥੇ ਹੀ ਟਰੈਫਿਕ ਪ੍ਰਭਾਵ ਨੂੰ ਘੱਟ ਕਰਨ ਲਈ ਕਮਿਸ਼ਨਰ ਪੁਲਿਸ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਨਵੇਂ ਰੂਟ ਬਣਾਏ ਗਏ ਹਨ, ਜਿੱਥੋਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।

- Advertisement -

Share this Article
Leave a comment