ਚੰਡੀਗੜ੍ਹ : ਪੰਜਾਬ ‘ਚ ਪਿਛਲੇ ਦੋ ਦਿਨਾਂ ‘ਚ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ ਦੋ-ਗੁਣਾਂ ਵੱਧੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਿੰਤਾ ਹੋਰ ਵੱਧ ਗਈ ਹੈ। ਜਿਸ ਦੇ ਚੱਲਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ. ਕੋਵਿਡ ਟੈਸਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਕਿ ਸਿਹਤ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟ ਕਰਨ ਦਾ ਫੈਸਲਾ ਲਿਆ ਸੀ।
ਮੁੱਖ ਮੰਤਰੀ ਨੇ ਦੂਜੇ ਸੂਬਿਆਂ ਤੋਂ ਪੰਜਾਬ ਆਪਣੇ ਘਰ ਵਾਪਸ ਪਰਤ ਰਹੇ ਪੰਜਾਬੀਆਂ ਦੇ ਦੂਜੇ ਸੂਬਿਆਂ ‘ਚ ਹੋਏ ਟੈਸਟਾਂ ਨੂੰ ਹੀ ਅਸਲ ਮੰਨ ਲੈਣ ਦੀ ਥਾਂ ਸੂਬਾ ਪੱਧਰ ‘ਤੇ ਦੁਬਾਰਾ ਟੈਸਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੈਪਟਨ ਨੇ ਕਿਹਾ ਕਿ ਪੰਜਾਬ ਦੂਜੇ ਸੂਬਿਆਂ ਦੇ ਕੀਤੇ ਗਏ ਕੋਰੋਨਾ ਟੈਸਟਾਂ ‘ਤੇ ਭਰੋਸਾ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਅਕਾਲੀ ਦਲ ਵੱਲੋਂ ਨੰਦੇੜ ਸਾਹਿਬ ਦੇ ਸ਼ਰਧਾਲੂਆਂ ਦਾ ਕੋਰੋਨਾ ਸੰਕਰਮਿਤ ਨਾ ਹੋਣ ਦਾ ਦਾਅਵਾ ਕੀਤਾ ਜਾਂਦਾ ਰਿਹਾ ਹੈ ਜੋ ਬਿਲਕੁਲ ਨਿਰਆਧਾਰ ਨਿਕਲਿਆ ਹੈ।
ਪੰਜਾਬ ‘ਚ ਕੋਰੋਨਾ ਵਾਇਰਸ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸੂਬੇ ‘ਚ ਹੁਣ ਤੱਕ ਕੋਰੋਨਾ ਦੇ 850 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ‘ਚੋਂ 350 ਤੋਂ ਵੱਧ ਉਹ ਸ਼ਰਧਾਲੂ ਹਨ ਜਿਹੜੇ ਹਾਲ ਹੀ ‘ਚ ਨੰਦੇੜ ਸਾਹਿਬ ਤੋਂ ਪੰਜਾਬ ਪਰਤੇ ਹਨ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਇਹ ਅੰਕੜਾ 774 ਹੀ। ਪੰਜਾਬ ‘ਚ ਕੋਰੋਨਾ ਨਾਲ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।