ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ, ਜਿੱਥੇ ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਪ੍ਰਣਾਲੀ ਅਪਣਾਈ ਜਾ ਰਹੀ ਹੈ।
ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ।

