ਖੇਤੀ ਬਿਲ ਰੱਦ ਕਰਨ ਦਾ ਮਾਮਲਾ ਟਲਿਆ, ਪੰਜਾਬ ਵਿਧਾਨ ਸਭਾ ਵਿੱਚ ਮੱਛੀ ਮਾਰਕੀਟ ਵਰਗਾ ਰਿਹਾ ਮਾਹੌਲ

TeamGlobalPunjab
4 Min Read

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਅਤੇ ਉਸ ਤੋਂ ਬਾਅਦ ਕੁਝ ਸਮਾਂ ਰੌਲਾ ਰੱਪੇ ਤੋਂ ਬਾਅਦ ਭਲਕੇ ਸਵੇਰੇ ਦਸ ਵਜੇ ਲਈ ਉਠਾ ਦਿੱਤਾ ਗਿਆ ।

ਸਵੇਰੇ ਸ਼ੁਰੂ ਹੋਣ ਵਾਲੇ ਇਜਲਾਸ ਵਿੱਚ ਖੇਤੀ ਸਬੰਧੀ ਕੇਂਦਰ ਦੇ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਲਿਆਉਣ ਅਤੇ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਣ ਲਈ ਨਵੇਂ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ।

ਅੱਜ ਜਦੋਂ ਸੈਸ਼ਨ ਖਤਮ ਹੋਇਆ ਤਾਂ ਉਸ ਤੋਂ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਪੀਕਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜੋ ਵੀ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣੇ ਹਨ ਉਨ੍ਹਾਂ ਦਾ ਖਰੜਾ ਉਨ੍ਹਾਂ ਨੂੰ ਪਹਿਲਾਂ ਦਿੱਤਾ ਜਾਵੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਪੰਜ ਵਜੇ ਤੱਕ ਬਿਲ ਵੱਖਰਾ ਕਰਵਾ ਦਿੱਤੇ ਜਾਣਗੇ। ਪਰ ਇਸ ‘ਤੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਸਹਿਮਤ ਨਹੀਂ ਹੋਏ । ਉਨ੍ਹਾਂ ਵਿਧਾਨ ਸਭਾ ਦੇ ਅੰਦਰ ਹੀ ਧਰਨਾ ਸ਼ੁਰੂ ਕਰ ਦਿੱਤਾ ਜਿੱਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਾਰੀ ਗੱਲਬਾਤ ਪਬਲਿਕ ਨਾਲ ਸਾਂਝੀ ਕੀਤੀ।

- Advertisement -

ਅੱਜ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ ਬਾਹਰ ਮੁੱਖ ਰੋਡ ਉੱਤੇ ਮਾਹੌਲ ਗਹਿਮਾ ਗਹਿਮੀ ਵਾਲਾ ਬਣਿਆ ਹੋਇਆ ਸੀ। ਅਕਾਲੀ ਦਲ ਦੇ ਵਿਧਾਇਕ ਟਰੈਕਟਰਾਂ ‘ਤੇ ਸਵਾਰ ਹੋਕੇ ਵਿਧਾਨ ਸਭਾ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਨ੍ਹਾਂ ਨੂੰ ਨਾਕੇ ਲਗਾਕੇ ਪੰਦਰਾਂ ਵੀਹ ਮਿੰਟ ਚੰਡੀਗੜ੍ਹ ਪੁਲਸ ਨੇ ਵਿਧਾਨ ਸਭਾ ਵਿੱਚ ਜਾਣ ਤੋਂ ਰੋਕੀ ਰੱਖਿਆ । ਉਸ ਤੋਂ ਬਾਅਦ ਕਾਂਗਰਸ ਦੇ ਕੁਝ ਵਿਧਾਇਕ ਵੀ ਟਰੈਕਟਰਾਂ ‘ਤੇ ਸਵਾਰ ਹੋ ਵਿਧਾਨ ਸਭਾ ਗਏ ।

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਲੇ ਚੋਗੇ ਪਾ ਕੇ ਐਮ ਐਲ ਏ ਹੋਸਟਲ ਤੋਂ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨ ਪੱਖੀ ਹੋਣ ਦਾ ਵਿਖਾਵਾ ਕਰ ਰਹੀ ਹੈ ਪਰ ਸੱਚਾਈ ਇਹ ਹੈ ਕਿ ਕੈਪਟਨ ਸਰਕਾਰ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਅੰਦਰਖਾਤੇ ਸਹਿਮਤ ਹੈ।

ਜਦੋਂ ਸੈਸ਼ਨ ਸ਼ੁਰੂ ਹੋਇਆ ਤਾਂ ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਏਬੀਵੀਪੀ ਦੀ ਅਗਵਾਈ ਹੇਠ ਕੁਝ ਵਿਦਿਆਰਥੀਆਂ ਨੇ ਵਜ਼ੀਫ਼ਾ ਸਕੈਂਡਲ ਖਿਲਾਫ਼ ਰੋਸ ਪ੍ਰਗਟਾਵਾ ਕੀਤਾ ਅਤੇ ਮੰਗ ਕੀਤੀ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ।ਜਦੋਂ ਉਨ੍ਹਾਂ ਨਾਅਰੇਬਾਜ਼ੀ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਸੈਸ਼ਨ ਖਤਮ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਜਦੋਂ ਪੰਜਾਬ ਭਵਨ ਵਿੱਚ ਦਾਖਲ ਹੋਣ ਲੱਗੇ ਤਾਂ ਗੇਟ ‘ਤੇ ਤੈਨਾਤ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ । ਅਕਾਲੀ ਵਿਧਾਇਕ ਕਹਿ ਰਹੇ ਸਨ ਕਿ ਉਨ੍ਹਾਂ ਪੰਜਾਬ ਭਵਨ ਅੰਦਰ ਮੀਡੀਆ ਨਾਲ ਗੱਲ ਕਰਨੀ ਹੈ ਜਦਕਿ ਪੰਜਾਬ ਭਵਨ ਅੰਦਰ ਤਿੰਨ ਮੰਤਰੀਆਂ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨਾਲ ਮੀਟਿੰਗ ਚੱਲ ਰਹੀ ਸੀ। ਜਿਸ ਕਾਰਨ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਇਸ ਦੇ ਰੋਸ ਵਜੋਂ ਅਕਾਲੀ ਵਿਧਾਇਕਾਂ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਪੰਜਾਬ ਭਵਨ ਦੇ ਮੁੱਖ ਗੇਟ ‘ਤੇ ਧਰਨਾ ਦੇ ਦਿੱਤਾ ਅਤੇ ਗੇਟ ਬੰਦ ਕਰੀ ਰੱਖਿਆ। ਅਕਾਲੀ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਖੇਤੀ ਬਿਲਾਂ ਬਾਰੇ ਮੋਦੀ ਸਰਕਾਰ ਖਿਲਾਫ ਸਪਸ਼ਟ ਸਟੈਂਡ ਨਹੀਂ ਲੈ ਰਹੀ।

- Advertisement -

ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਵਿਧਾਨ ਸਭਾ ਦੇ ਬਾਹਰ ਅਤੇ ਅੰਦਰ ਅੱਜ ਮਾਹੌਲ ਗੈਰ ਸੰਜੀਦਗੀ ਵਾਲਾ ਸੀ।ਸਾਰੀਆਂ ਧਿਰਾਂ ਦਾ ਧਿਆਨ ਸੁਰਖੀਆਂ ਬਟੋਰਨ ਵੱਲ ਵਧੇਰੇ ਸੀ ਅਤੇ ਕਿਸਾਨਾਂ ਨਾਲ ਇਕਮੁੱਠਤਾ ਪ੍ਰਗਟਾਉਣ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਰੇ ਗੰਭੀਰਤਾ ਘੱਟ ਨਜ਼ਰ ਆਈ।

Share this Article
Leave a comment