ਚੰਡੀਗੜ੍ਹ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਅੱਜ ਦੇ ਇਸ ਵਿਸ਼ੇਸ਼ ਸੈਸ਼ਨ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਅਤੇ ਸਿੱਖਿਆ ਬਾਰੇ ਚਰਚਾ ਕੀਤੀ ਜਾਵੇਗੀ ਇਸ ਦੌਰਾਨ ਸੂਬੇ ਵਿੱਚ ਪ੍ਰਕਾਸ਼ ਪੁਰਬ ਸਬੰਧੀ ਕਿਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਣੇ ਹਨ ਇਸ ਉਪਰ ਵੀ ਚਰਚਾ ਹੋਵੇਗੀ। ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਤੇ ਫਿਰ ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਕ ਰੋਜ਼ਾ ਵਿਧਾਨ ਸਭਾ ਸੈਸ਼ਨ ਦੀ ਇਸ ਕਾਰਵਾਈ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪੋ ਆਪਣੇ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵ੍ਹਿਪ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਸਦਨ ਦੀ ਕਾਰਵਾਈ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖਹਿਰਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਚਾਰ ਸਭਾ ਵਿੱਚ ਰੱਖਣਗੇ।
ਇਕ ਦਿਨ ਦੇ ਸੈਸ਼ਨ ਨੂੰ ਲੈ ਕੇ ਵਿਰੋਧੀਆਂ ਸਮੇਤ ਕਾਂਗਰਸ ਦੇ ਵਿਧਾਇਕਾਂ ਨੇ ਕੈਪਟਨ ਸਰਕਾਰ ਨੂੰ ਘੇਰਿਆ ਸੀ। ਨਵਜੋਤ ਸਿੰਘ ਸਿੱਧੂ ਨੇ 7 ਦਿਨਾਂ ਦੇ ਸੈਸ਼ਨ ਦੀ ਮੰਗ ਕੀਤੀ ਸੀ, ਤਾਂ ਦੂਸਰੇ ਪਾਸੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਹੋਇਆ ਹੈ।