ਪੰਜਾਬ ਵਿਜੀਲੈਂਸ ਬਿਉਰੋ ਨੇ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ‘ਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

TeamGlobalPunjab
2 Min Read

ਚੰਡੀਗੜ੍ਹ :-  ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦੇਸ਼ ਦੇ 10 ਕਰੋੜ ਤੋਂ ਜ਼ਿਆਦਾ ਗਰੀਬ ਤੇ ਲੋੜਵੰਦ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਘਪਲੇਬਾਜ਼ੀ ਦਾ ਖ਼ੁਲਾਸਾ ਹੋਇਆ ਹੈ। ਪੰਜਾਬ ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ‘ਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਪਰਦਾਫ਼ਾਸ਼ ਕੀਤਾ ਹੈ।

ਵਿਜੀਲੈਂਸ ਬਿਉਰੋ ਦੇ ਮੁੱਖ ਡਾਇਰੈਕਟਰ ਤੇ ਡੀਜੀਪੀ ਬੀਕੇ ਉੱਪਲ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ‘ਚ ਚੱਲ ਰਹੇ, ਇਸ ਘੁਟਾਲੇ ਦੀ ਹਰ ਪੱਖ ਤੋਂ ਡੂੰਘਾਈ ਤੱਕ ਜਾਂਚ ਕਰਨ ਲਈ ਵਿਜੀਲੈਂਸ ਇੰਨਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਯੋਜਨਾ ਅਧੀਨ ਪ੍ਰਾਈਵੇਟ ਹਸਪਾਤਲਾਂ ਵੱਲੋਂ ਕੀਤੀ ਜਾ ਰਹੀ ਵੱਡੀ ਘਪਲੇਬਾਜ਼ੀ ਦਾ ਪਰਦਾਫਾਸ਼ ਕੀਤਾ ਜਾ ਸਕੇ ਤੇ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਰੱਦ ਕਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ।

ਮੁੱਢਲੀ ਜਾਂਚ ਅਨੁਸਾਰ ਆਯੁਸ਼ਮਾਨ ਭਾਰਤ ਸਕੀਮ ਤਹਿਤ ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਦੇ ਕਈ ਵੱਡੇ ਨਾਮੀ ਹਸਪਤਾਲਾਂ ਵੱਲੋਂ ਸਮਾਰਟ ਸਿਹਤ ਕਾਰਡ ਧਾਰਕਾਂ ਦੇ ਨਾਮ ‘ਤੇ ਮੋਟੀਆਂ ਰਕਮਾਂ ਦੇ ਫਰਜ਼ੀ ਡਾਕਟਰੀ ਬਿੱਲ ਤਿਆਰ ਕਰਕੇ ਵੱਡੇ ਪੱਧਰ ’ਤੇ ਘਪਲੇਬਾਜ਼ੀ ਕਰਕੇ ਬੀਮਾ ਕਲੇਮ ਹਾਸਲ ਕੀਤੇ ਜਾ ਰਹੇ ਹਨ। ਇੰਨਾਂ ਤਿੰਨ ਜ਼ਿਲਿਆਂ ‘ਚ ਕੁੱਲ 35 ਸਰਕਾਰੀ ਹਸਪਤਾਲ ਤੇ 77 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਅਧੀਨ ਰਾਜ ਸਰਕਾਰ ਵੱਲੋਂ ਸੂਚੀਬੱਧ ਕੀਤੇ ਗਏ ਹਨ।

Share this Article
Leave a comment