ਨਿਊਜ਼ ਡੈਸਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।”

