ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਇਕ ਵੱਡਾ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ ਜਾਵੇਗਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਵਿੱਤ ਮੰਤਰੀ ਨੇ ਕਿਹਾ – “ਇਸ ਸਰਕਾਰ ਨੇ ਬਿਜਲੀ, ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਆਪਣੇ ਵਾਅਦਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕੀਤਾ ਹੈ। ਅੱਜ ਅਸੀਂ ਉਸ ਚੱਕਰ ਨੂੰ ਪੂਰਾ ਕਰ ਰਹੇ ਹਾਂ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਇਸ ਪਵਿੱਤਰ ਮੌਕੇ ‘ਤੇ, ਭਾਰਤ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਯੋਜਨਾ ਦਾ ਐਲਾਨ ਕਰਨ ਦਾ ਸਮਾਂ ਹੈ।
ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਅਨੁਸਾਰ ਕਿ ਕੋਈ ਵੀ ਦੇਸ਼ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਉਸ ਦੀਆਂ ਔਰਤਾਂ ਤਰੱਕੀ ਕਰਨ, ਮੈਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਲਾਗੂ ਕੀਤੀ ਜਾ ਰਹੀ ਹੈ।
ਇਸ ਦੇ ਤਹਿਤ ਭਗਵੰਤ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ₹1,000 ਸਿੱਧੇ ਜਮ੍ਹਾਂ ਕਰੇਗੀ। ਇਸ ਤੋਂ ਇਲਾਵਾ, ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਲਈ ਹਰ ਮਹੀਨੇ ₹1,500 ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ।” ਵਿੱਤ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ ਤੇ ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

