ਚੰਡੀਗੜ੍ਹ/ਫਾਜ਼ਿਲਕਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਪੰਜਾਬ ਵਿੱਚੋਂ ਨਸ਼ਿਆਂ ਦੇ ਸੰਪੂਰਨ ਖਾਤਮੇ ਲਈ ਫਾਜ਼ਿਲਕਾ ਤੋਂ ‘ਨਸ਼ਿਆਂ ਤੇ ਆਖਰੀ ਵਾਰ’ ਮੁਹਿੰਮ ਦਾ ਆਗਾਜ਼ ਕੀਤਾ। ਫ਼ਾਜ਼ਿਲਕਾ ਜ਼ਿਲ੍ਹਾ ਯੂਥ ਕਮੇਟੀ ਦੇ ਪ੍ਰਧਾਨ ਰੂਬੀ ਗਿੱਲ ਦੀ ਅਗਵਾਈ ਹੇਠ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮੰਤਵ ਪੰਜਾਬ ਵਿੱਚੋਂ ਸੰਪੂਰਨ ਤੌਰ ਤੇ ਨਸ਼ਿਆਂ ਦਾ ਖਾਤਮਾ ਕਰਕੇ ਮੁੜ ਪੰਜਾਬ ਨੂੰ ਮਹਾਨ ਬਣਾਉਣਾ ਹੈ। ਇਸ ਮੌਕੇ ਢਿੱਲੋਂ ਨੇ ਹੈਲਪਲਾਈਨ ਨੰਬਰ ਜਾਰੀ ਕਰਕੇ ਲੋਕਾਂ ਨੂੰ ਆਪਣੇ ਖੇਤਰ ਵਿੱਚ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦੀ ਬੇਨਤੀ ਕੀਤੀ। ਢਿੱਲੋਂ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਅਧੀਨ ਯੂਥ ਕਾਂਗਰਸ ਦੇ ਨੁਮਾਇੰਦੇ ਨਸ਼ਿਆਂ ਨਾਲ ਆਪਣੀਆਂ ਜਾਨਾਂ ਗਵਾ ਚੁੱਕੇ ਲੋਕਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਫਾਜ਼ਿਲਕਾ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੇਤਰਾਂ ਤੱਕ ਲਿਜਾਇਆ ਜਾਵੇਗਾ। ਢਿੱਲੋਂ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਕਾਰਜ ਨਹੀਂ ਹੈ ਸਗੋਂ ਇਹ ਸਮਾਜ ਨਾਲ ਸਬੰਧਿਤ ਪੁੰਨ ਦਾ ਕੰਮ ਹੈ ਜਿਸ ਵਿੱਚ ਸਾਰੇ ਵਰਗਾ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਿਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੀ ਗਈ ਨਸ਼ਿਆਂ ਖਿਲਾਫ ਜੰਗ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਸੂਬੇ ਵਿੱਚ ਚੱਲ ਰਹੇ ਨਸ਼ੇ ਦੇ ਧੰਦੇ ਦਾ ਲੱਕ ਤੋੜਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਜਾਂਬਾਜ਼ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਐੱਸ ਆਈ ਟੀ ਦੇ ਗਠਨ ਤੋਂ ਲੈ ਕੇ ਅਨੇਕਾਂ ਅਜਿਹੇ ਕਾਰਜ ਉਲੀਕੇ ਹਨ ਜੋ ਨਸ਼ੇ ਦੇ ਵਪਾਰ ਨੂੰ ਖ਼ਤਮ ਕਰਨ ਲਈ ਅਤੀ ਜਰੂਰੀ ਸਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੀ ਸਰਕਾਰ ਦੌਰਾਨ ਅਕਾਲੀਆਂ ਨੇ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ ਜਿਸ ਕਾਰਨ ਸੂਬੇ ਵਿੱਚ ਨਸ਼ਾ ਸੰਪੂਰਨ ਤੌਰ ਤੇ ਫੈਲ ਗਿਆ ਅਤੇ ਹਰ ਗਲੀ ਮੁਹੱਲੇ ਵਿੱਚ ਉਪਲੱਬਧ ਹੋ ਗਿਆ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੀ ਸੱਤਾ ਅਤੇ ਪੈਸੇ ਦੀ ਭੁੱਖ ਲਈ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਈ ਵੀ ਵਿਅਕਤੀ ਜੋ ਨਸ਼ੇ ਦੇ ਵਪਾਰ ਸ਼ਾਮਲ ਰਿਹਾ ਹੋਵੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਢਿੱਲੋਂ ਨੇ ਕਿਹਾ ਕਿ ਸਰਕਾਰ ਦੇ ਵੱਖ ਵੱਖ ਵਿਭਾਗਾਂ ਨੇ ਮਿਲ ਕੇ ਨਸ਼ੇ ਦੇ ਖਾਤਮੇ ਲਈ ਅਨੇਕਾਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਜਿਨ੍ਹਾਂ ਦੇ ਕੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਡੈਪੋ ਅਤੇ ਬਡੀ ਪ੍ਰੋਗਰਾਮ ਨਾਲ ਨੌਜਵਾਨ ਵਿਅਕਤੀਆਂ ਅਤੇ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਅੰਕੜੇ ਦੇ ਅਨੁਸਾਰ ਪੰਜਾਬ ਵਿੱਚ ਬੱਡੀ ਪ੍ਰੋਗਰਾਮ ਦੇ ਅਧੀਨ 36 ਲੱਖ ਲੋਕਾਂ ਨੇ ਨਾਮ ਦਰਜ ਕਰਵਾਇਆ ਹੈ ਜੋ ਕਿ ਨਸ਼ੇ ਸਬੰਧੀ ਹੋਰ ਪ੍ਰੋਗਰਾਮ ਬਣਾਉਣ ਲਈ ਸਹਾਈ ਸਿੱਧ ਹੋਵੇਗਾ ।
ਯੂਥ ਕਾਂਗਰਸ ਦੇ ਸਾਥੀਆਂ ਨੂੰ ਪੰਜਾਬ ਸਰਕਾਰ ਦੇ ਪ੍ਰੋਗਰਾਮਾਂ ਤੇ ਪਾਲਸੀਆਂ ਵਿੱਚ ਸੰਪੂਰਨ ਤੌਰ ਤੇ ਸ਼ਮੂਲੀਅਤ ਕਰਨ ਦਾ ਸੁਨੇਹਾ ਦਿੰਦਿਆਂ ਢਿੱਲੋਂ ਨੇ ਕਿਹਾ ਕੇ ਯੂਥ ਕਾਂਗਰਸ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਲੋੜਵੰਦ ਵਿਅਕਤੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਨਸ਼ੇ ਕਾਰਨ ਆਪਣੀ ਜਾਨ ਗੁਆਉਣ ਵਾਲੇ ਸਾਡੇ ਭਰਾ ਸਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਪਹਿਲਾਂ ਕਿਸੇ ਸਰਕਾਰ ਨੇ ਵੀ ਨਸ਼ਿਆਂ ਦੇ ਖ਼ਾਤਮੇ ਲਈ ਇੰਨੀ ਮੁਦਿਆਂ ਪਾਲਸੀ ਨਹੀਂ ਬਣਾਈ ਸੀ ਅਤੇ ਇਸ ਦੇ ਨਤੀਜੇ ਇਸ ਗੱਲ ਦੀ ਗਵਾਹੀ ਭਰਦੇ ਹਨ।