ਚੰਡੀਗੜ੍ਹ: ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ-ਅਕਾਲੀ ਸਰਕਾਰ ਦੁਆਰਾ ਦੇਸ਼ ਦੇ ਕਿਸਾਨ ਨੇ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਹੋ ਰਹੇ ਮੁਜ਼ਾਹਰਿਆਂ ਨੂੰ ਪੰਜਾਬ ਯੂਥ ਕਾਂਗਰਸ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦਿੱਲੀ ਦਰਬਾਰ ਵਿੱਚ ਲੈ ਕੇ ਜਾਵੇਗੀ। ਗੌਰਤਲਬ ਹੈ ਕਿ ਵੱਡੇ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਮਨਸੂਬੇ ਨਾਲ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨਾਲ ਪੰਜਾਬ ਸਮੇਤ ਖੇਤੀ ਪ੍ਰਧਾਨ ਸਾਰੇ ਸੂਬੇ ਕੰਗਾਲੀ ਦੀ ਕਗਾਰ ਉੱਤੇ ਖੜ੍ਹੇ ਹੋ ਜਾਣਗੇ। ਹੁਣ ਕਿਸਾਨਾਂ ਦੀ ਆਵਾਜ਼ ਨੂੰ ਚੁੱਕਣ ਦੇ ਮੰਤਵ ਨਾਲ ਪੰਜਾਬ ਯੂਥ ਕਾਂਗਰਸ ਪੰਜਾਬ ਤੋਂ ਦਿੱਲੀ ਤੱਕ ਟਰੈਕਟਰ ਮਾਰਚ ਕਰੇਗੀ। ਢਿੱਲੋਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਲੋਕ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਇਸ ਬਿੱਲ ਨੂੰ ਲੈ ਕੇ ਆਉਂਦੀ ਹੈ ਤਾਂ ਪੰਜਾਬ ਯੂਥ ਕਾਂਗਰਸ ਸੰਸਦ ਤੋਂ ਲੈ ਕੇ ਸੜਕ ਤੱਕ ਮੋਦੀ ਸਰਕਾਰ ਨੂੰ ਘੇਰੇਗੀ।
ਮੀਡੀਆ ਵਿੱਚ ਜਾਰੀ ਆਪਣੇ ਬਿਆਨ ਰਾਹੀਂ ਪੰਜਾਬ ਚ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਅਰਥਵਿਵਸਥਾ ਨੂੰ ਤਹਿਸ ਨਹਿਸ ਕਰ ਦਿੱਤਾ ਹੈ ਅਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ-ਅਕਾਲੀ ਸਰਕਾਰ ਸੱਤਾ ਦੇ ਨਸ਼ੇ ਵਿੱਚ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਵੀ ਮੁਨਕਰ ਹੋ ਰਹੀ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉੱਤੇ ਵਰਦਿਆ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਕੁਰਸੀ ਦੇ ਲਾਲਚ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਦੀ ਇਸ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲੇ ਵਿੱਚ ਸ਼ਮੂਲੀਅਤ ਇਤਿਹਾਸ ਦੇ ਕਾਲੇ ਪੰਨਿਆਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਸੁਖਵੀਰ ਸਿੰਘ ਬਾਦਲ ਹਮੇਸ਼ਾਂ ਪੰਜਾਬ ਦੇ ਹਿੱਤਾਂ ਤੋਂ ਪਾਸਾ ਵੱਟਦੇ ਰਹੇ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਹੱਕ ਵਿੱਚ ਜਾ ਕੇ ਆਪਣੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਸੁਖਬੀਰ ਬਾਦਲ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਪ੍ਰੰਤੂ ਉਨ੍ਹਾਂ ਦਾ ਚਰਿੱਤਰ ਹੁਣ ਨੰਗਾ ਹੋ ਚੁੱਕਾ ਹੈ।
ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਸਮੇਂ ਦੀ ਮੁੱਖ ਮੰਗ ਹੈ ਕਿ ਮੋਦੀ ਸਰਕਾਰ ਦੇ ਇਸ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕੀਤਾ ਜਾਵੇ ਨਹੀਂ ਤਾਂ ਪੰਜਾਬ ਦੇ ਕਿਸਾਨੀ ਤਹਿਸ ਨਹਿਸ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੋ ਗੁਣਾ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਮੋਦੀ ਆਪਣੇ ਮਿੱਤਰਾਂ ਅਡਾਨੀ-ਅੰਬਾਨੀ ਨੂੰ ਫਾਇਦਾ ਪਹੁੰਚਾਉਣ ਦੇ ਮਨਸੂਬੇ ਨਾਲ ਕਿਸਾਨਾਂ ਤੋਂ ਉਨ੍ਹਾਂ ਦੀ ਰੋਜੀ ਵੀ ਖੋਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਮੋਦੀ ਸਰਕਾਰ ਦੇ ਇਸ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਫੈਸਲੇ ਦਾ ਪੁਰਜੋਰ ਵਿਰੋਧ ਕਰੇਗੀ ਅਤੇ 20 ਸਤੰਬਰ ਨੂੰ ਟਰੈਕਟਰ ਰੈਲੀ ਰਾਹੀਂ ਦਿੱਲੀ ਪਹੁੰਚ ਕੇ ਪੰਜਾਬ ਦੀਆਂ ਮੰਗਾਂ ਕੇਂਦਰ ਦੇ ਕੰਨਾਂ ਤੱਕ ਪਹੁੰਚਾਏਗੀ।