ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਇੰਸਪੈਕਟਰ ਗੁਰਮੀਤ ਸਿੰਘ ਦਸਦਿਆਂ ਅਮਰ ਨੂਰੀ ਨੂੰ ਧਮਕੀ ਦਿੱਤੀ। ਉਸਨੇ ਅਮਰ ਨੂਰੀ ਨੂੰ ਧਮਕੀ ਦਿੱਤੀ ਕਿ ਉਸਦਾ ਪੁੱਤਰ ਗਾਉਣਾ ਬੰਦ ਕਰ ਦਵੇ, ਨਹੀਂ ਤਾਂ ਨਤੀਜੇ ਭਿਆਨਕ ਹੋਣਗੇ। ਪੁਲਿਸ ਨੇ ਹੁਣ ਤੱਕ ਤਿੰਨ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ ਅਤੇ ਧਮਕੀਆਂ ਦੇ ਪਿੱਛੇ ਅਸਲ ਦੋਸ਼ੀਆਂ ਦਾ ਪਤਾ ਲਗਾਉਣ ਲਈ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਮਰ ਨੂਰੀ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਹੁਣ ਤਕ ਮਿਲੀ ਜਾਣਕਾਰੀ ਅਨੁਸਾਰ 20 ਦਸੰਬਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਅਮਰ ਨੂਰੀ ਨੂੰ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ। ਧਮਕੀ ਮਿਲਣ ਤੋਂ ਬਾਅਦ ਨੂਰੀ ਦਾ ਪਰਿਵਾਰ ਘਬਰਾ ਗਿਆ। ਉਸਨੇ ਅਮਰ ਨੂਰੀ ਨੂੰ ਧਮਕੀ ਦਿੱਤੀ ਕਿ ਜੇਕਰ ਉਸਦਾ ਪੁੱਤਰ, ਜੋ ਸੰਗੀਤ ਦੇ ਖੇਤਰ ਵਿੱਚ ਕੰਮ ਕਰਦਾ ਹੈ ਜੇਕਰ ਆਪਣਾ ਕੰਮ ਬੰਦ ਨਹੀਂ ਕਰਦਾ ਤਾਂ ਉਸ ਦੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਜਿਸ ਤੋਂ ਬਾਅਦ ਅਮਰ ਨੂਰੀ ਦੇ ਪਰਿਵਾਰ ਨੇ ਪੁਲਿਸ ਨਾਲ ਸੰਪਰਕ ਕੀਤਾ ਅਤੇ ਪੂਰੇ ਮਾਮਲੇ ਬਾਰੇ ਲਿਖਤੀ ਸ਼ਿਕਾਇਤ ਦਰਜ ਕਰਵਾਈ।
ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਕਾਲ ਨਾਲ ਸਬੰਧਤ ਸਾਰੇ ਤੱਥਾਂ ਅਤੇ ਤਕਨੀਕੀ ਸਬੂਤਾਂ ਦੀ ਵੀ ਜਾਂਚ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਅਮਰ ਨੂਰੀ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਉਸਦੇ ਘਰ ਅਤੇ ਆਲੇ-ਦੁਆਲੇ ਪੁਲਿਸ ਨਿਗਰਾਨੀ ਰੱਖੀ ਜਾ ਰਹੀ ਹੈ।
ਦੱਸ ਦਈਏ ਕਿ ਅਮਰ ਨੂਰੀ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਹੈ। ਅਮਰ ਨੂਰੀ ਦਾ ਵਿਆਹ 30 ਜਨਵਰੀ 1993 ਨੂੰ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਨਾਲ ਹੋਇਆ ਸੀ। ਸਰਦੂਲ ਸਿਕੰਦਰ ਦਾ ਸਾਲ 2021 ਵਿੱਚ ਦੇਹਾਂਤ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

