ਟੋਰਾਂਟੋ: ਕੈਨੇਡਾ ਦੇ ਟੋਰਾਂਟੋ ਵਿੱਚ ਭਾਰਤੀ ਮੂਲ ਦੀ ਇੱਕ 26 ਸਾਲਾ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਹ ਹਮਲਾ ਪਹਿਲਾਂ ਤੋਂ ਯੋਜਨਾਬੱਧ ਜਾਪਦਾ ਸੀ। ਇਸ ਕਤਲ ਦੇ ਸਬੰਧ ਵਿੱਚ ਭਾਰਤੀ ਮੂਲ ਦੇ ਹੀ ਇੱਕ 37 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਟੋਰਾਂਟੋ ਪੁਲਿਸ ਸਰਵਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਸ਼ੁੱਕਰਵਾਰ ਸਵੇਰੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਚੌਰਾਹੇ ‘ਤੇ ਵਾਪਰੀ। ਮ੍ਰਿਤਕ ਕੁੜੀ ਦੀ ਪਛਾਣ ਨਵਨੀਤ ਕੌਰ ਵਜੋਂ ਕੀਤੀ ਗਈ, ਜਦੋਂਕਿ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਰੈਂਪਟਨ ਦੇ ਸ਼ਰਨਜੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਸਵੇਰੇ ਕਰੀਬ 7:23 ਵਜੇ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਨਵਨੀਤ ਕੌਰ ਨੂੰ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਪਾਇਆ। ਉਸ ਦੀ ਜਾਨ ਬਚਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਜਾਂਚਕਰਤਾਵਾਂ ਦੇ ਅਨੁਸਾਰ, ਔਰਤ ਅਤੇ ਸ਼ੱਕੀ ਵਿਅਕਤੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਫਿਰ ਆਦਮੀ ਨੇ ਉਸਨੂੰ ਗੋਲੀ ਮਾਰ ਦਿੱਤੀ ਅਤੇ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮੌਕੇ ਤੋਂ ਭੱਜ ਗਿਆ। ਬਾਅਦ ਵਿੱਚ ਉਸਨੂੰ ਲੱਭ ਲਿਆ ਗਿਆ ਅਤੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਮ੍ਰਿਤਕ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ ਤੇ ਉਸ ਦੇ ਬੱਚੇ ਹਨ। ਇਸ ਦੇ ਬਾਵਜੂਦ, ਉਹ ਆਪਣੀ ਪਤਨੀ ਨੂੰ ਤਲਾਕ ਦੇਣ ਤੋਂ ਬਾਅਦ ਨਵਨੀਤ ਕੌਰ ‘ਤੇ ਲਗਾਤਾਰ ਵਿਆਹ ਕਰਨ ਲਈ ਦਬਾਅ ਪਾ ਰਿਹਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨਵਨੀਤ ਨੇ ਇਸ ਨੂੰ ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਲਗਾਤਾਰ ਤੰਗ ਕਰਨਾ ਸ਼ੁਰੂ ਕਰ ਦਿੱਤਾ।
ਪਰਿਵਾਰ ਅਨੁਸਾਰ, ਨਵਨੀਤ ਕੌਰ ਨੇ ਮੁਲਜ਼ਮ ਦੀਆਂ ਹਰਕਤਾਂ ਬਾਰੇ ਕੈਨੇਡੀਅਨ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਇਸ ਤੋਂ ਇਲਾਵਾ, ਮੁਲਜ਼ਮ ਦੇ ਪਰਿਵਾਰ ਨੂੰ ਵੀ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਗਿਆ ਸੀ। ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਮੁਲਜ਼ਮ ਦੇ ਪਰਿਵਾਰ ਨੇ ਵੀ ਮੰਨਿਆ ਹੈ ਕਿ ਉਹ ਉਸ ਦੇ ਵਿਵਹਾਰ ਤੋਂ ਪਰੇਸ਼ਾਨ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਕੀਤੀ ਜਾਂਦੀ, ਤਾਂ ਇਸ ਦੁਖਦਾਈ ਘਟਨਾ ਨੂੰ ਰੋਕਿਆ ਜਾ ਸਕਦਾ ਸੀ।
ਮਾਮਲੇ ਦੀ ਜਾਂਚ ਜਾਰੀ ਹੈ, ਟੋਰਾਂਟੋ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਟਨਾ ਨਾਲ ਸਬੰਧਿਤ ਕੋਈ ਵੀ ਜਾਣਕਾਰੀ, ਸੀਸੀਟੀਵੀ ਫੁਟੇਜ ਜਾਂ ਡੈਸ਼ਕੈਮ ਰਿਕਾਰਡਿੰਗ ਜਾਂਚ ਏਜੰਸੀਆਂ ਨਾਲ ਸਾਂਝੀ ਕਰਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਹ 2026 ‘ਚ ਟੋਰਾਂਟੋ ‘ਚ ਕਤਲ ਦਾ 22ਵਾਂ ਮਾਮਲਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

