ਸਰੀ/ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ 24 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਲਗਭਗ ਸਾਢੇ ਤਿੰਨ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਗਿਆ ਸੀ ਕੈਨੇਡਾ ਗਿਆ ਸੀ ਤੇ ਮ੍ਰਿਤਕ ਨੌਜਵਾਨ ਦਾ ਵਿਆਹ ਡੇਢ ਸਾਲ ਪਹਿਲਾਂ ਹੀ ਹੋਇਆ ਸੀ।
ਮ੍ਰਿਤਕ ਦੇ ਪਿਤਾ ਸਤਿਗੁਰ ਸਿੰਘ ਅਤੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕੇ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ 12ਵੀਂ ਦੀ ਪੜਾਈ ਤੋਂ ਬਾਅਦ Ielts ਕਰਵਾਈ ਤੇ 40 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਸੀ।
ਉਨ੍ਹਾਂ ਦੱਸਿਆ ਕਿ ਹੁਣ ਅਗਸਤ ਮਹੀਨੇ ‘ਚ ਉਸ ਦੀ ਪੜ੍ਹਾਈ ਪੂਰੀ ਹੋ ਜਾਣੀ ਸੀ, ਜਿਸ ਤੋਂ ਬਾਅਦ ਉਸਨੇ ਆਪਣੀ ਪਤਨੀ ਸਿਮਰਨ ਨੂੰ ਵੀ ਕੈਨੇਡਾ ਨਾਲ ਲੈ ਕੇ ਜਾਣਾ ਸੀ।
ਉੱਥੇ ਹੀ ਕੋਰੋਨਾ ਦੇ ਚਲਦਿਆਂ ਕੈਨੇਡਾ ‘ਚ ਫਲਾਈਟਾਂ ਬੰਦ ਹੋਣ ਕਾਰਨ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਭੇਜੀ ਜਾਵੇ।